ਅਨਮੋਲ ਗਗਨ ਮਾਨ ਦੇ ਹੱਕ ’ਚ ਬੋਲੇ ਮਨੀਸ਼ਾ ਗੁਲਾਟੀ, “ਮੁਲਜ਼ਮਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ”

ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਹਨਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਜਿਸ ਦੇ ਮੱਦੇਨਜ਼ਰ ਅੱਜ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਮਨੀਸ਼ਾ ਗੁਲਾਟੀ ਨੂੰ ਮੰਗ ਪੱਤਰ ਸੌਂਪ ਕੇ ਮਹਿਲਾਵਾਂ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਰਾਵਿੰਦਰ ਕੌਰ ਨੇ ਕਿਹਾ ਕਿ ਭਾਜਪਾ ਕਿਲਾਫ਼ ਪ੍ਰਦਰਸ਼ਨ ਦੌਰਾਨ ਮਹਿਲਾਵਾਂ ਦੇ ਕੱਪੜੇ ਤੱਕ ਪਾੜੇ ਗਏ।

ਉਹਨਾਂ ਇਲਜ਼ਾਮ ਲਾਇਆ ਕਿ ਪ੍ਰਦਰਸ਼ਨ ਸਮੇਂ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਮਹਿਜ਼ 7 ਸੀ। ਬਾਕੀ ਸਾਰੇ ਪੁਲਿਸ ਮੁਲਾਜ਼ਮ ਸੀ ਜਿਹਨਾਂ ਵੱਲੋਂ ਪ੍ਰਦਰਸ਼ਨਕਾਰੀ ਮਹਿਲਾਵਾਂ ‘ਤੇ ਤਸ਼ੱਦਦ ਢਾਹਿਆ ਗਿਆ। ਉਧਰ ਦੂਜੇ ਪਾਸੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ, “ਉਹ ਅਨਮੋਲ ਗਗਨ ਦਾ ਹਾਲ ਜਾਣਨ ਲਈ ਹਸਪਤਾਲ ਜਾਣਗੇ ਅਤੇ ਮੁਲਜ਼ਮਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।”
ਦੱਸ ਦਈਏ ਕਿ ਪੰਜਾਬ ’ਚ ਔਰਤਾਂ ਨਾਲ ਵਧ ਰਹੀਆਂ ਬਦਸਲੂਕੀ ਦੀਆਂ ਘਟਨਾਵਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਐਤਵਾਰ ਨੂੰ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਮਹਿਲਾ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਦੀ ਅਗਵਾਈ ‘ਚ ਮਹਿਲਾਵਾਂ ਵੱਲੋਂ ਤਿੱਖਾ ਪ੍ਰਦਰਸ਼ਨ ਕੀਤਾ।
ਜਿਹਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਅੱਜ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ।
