ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਬਦਾਮਾਂ ਦੀ ਫੈਕਟਰੀ ਨੂੰ ਲੱਗੀ ਅੱਗ

ਅੰਮ੍ਰਿਤਸਰ ਵਿਖੇ ਸਥਾਨਕ ਝਬਾਲ ਰੋਡ ਤੇ ਡਰਾਈ ਫਰੂਟ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗਣ ਨਾਲ ਹਫੜ੍ਹਾ ਦਫੜੀ ਮਚ ਗਈ। ਅੱਗ ਐਨੀ ਭਿਆਨਕ ਸੀ ਕਿ ਕਈ 100 ਮੀਟਰ ਦੂਰ ਤੋਂ ਆਸਾਨੀ ਨਾਲ ਦੇਖੀ ਜਾ ਸਕਦੀ ਸੀ। ਅੱਗ ਲੱਗਣ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਦਾ ਮਾਲ ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਤੋਂ ਬਾਅਦ ਫਾਇਰ ਅਮਲਾ ਅਤੇ ਲੋਕ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

ਅੱਗ ਲੱਗਣ ਤੋਂ ਬਾਅਦ ਪੁਲਿਸ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਵਿੱਚ ਜੁੱਟ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਫੈਕਟਰੀ ਅੰਦਰ ਕਰੀਬ 300 ਵਰਕਰ ਕੰਮ ਕਰਦੇ ਸੀ ਜਿਨ੍ਹਾਂ ਨੂੰ ਸਮਾਂ ਰਹਿੰਦੇ ਸਹੀ ਸਲਾਮਤ ਬਾਹਰ ਕੱਢ ਲਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

ਦੂਜੇ ਪਾਸੇ ਮੌਕੇ ਤੇ ਮੌਜੂਦ ਲੋਕਾਂ ਨੇ ਅੱਗ ਲੱਗਣ ਦਾ ਕਾਰਨ ਸਾਰਟ ਸਰਕਟ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਲੰਮੇ ਸਮੇਂ ਤੋਂ ਠੀਕ ਠਾਕ ਚੱਲ ਰਹੀ ਸੀ ਅਤੇ ਫੈਕਟਰੀ ਦੇ ਸਿਰੋਂ ਹੀ ਵੱਡੀ ਗਿਣਤੀ ਵਿੱਚ ਕਾਮੇ ਆਪਣੀ ਰੋਜ਼ੀ ਰੋਟੀ ਚਲਾਉਂਦੇ ਸੀ।
ਖ਼ਬਰ ਲਿਖੇ ਜਾਣ ਤੱਕ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਸੀ ਪਰ ਅੱਗ ਲੱਗਣ ਕਾਰਨ ਫੈਕਟਰੀ ਪੂਰੀ ਤਰ੍ਹਾਂ ਸੜ ਚੁੱਕੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਸੀ।
