ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਨੇੜੇ ਹੋਟਲਾਂ ਨੂੰ ਲੈ ਕੇ ਔਜਲਾ ਨੇ ਸੀਐਮ ਮਾਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਵਿੱਚ ਦੇਹ ਵਪਾਰ ਦੇ ਹੋ ਰਹੇ ਧੰਦੇ ਦੇ ਮਾਮਲੇ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸ਼ੰਕਾ ਜਤਾਈ ਹੈ। ਉਹਨਾਂ ਦਾ ਮੰਨਣਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਕੁਝ ਵੱਡੇ ਪੁਲਿਸ ਅਧਿਕਾਰੀਆਂ ਦੇ ਹੋਟਲ ਮਾਲਕਾਂ ਨਾਲ ਹੱਥ ਮਿਲੇ ਹੋ ਸਕਦੇ ਹਨ।
ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਦੱਸ ਦਈਏ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਇਆ ਸੀ। ਬਾਹਰੋਂ ਆਏ ਇੱਕ ਬਲੌਗਰ ਨੂੰ ਦਲਾਲ ਨੇ ਹੋਟਲ ਦੇ ਕਮਰੇ ਨਾਲ ਕੁੜੀ ਮੁਹੱਈਆ ਕਰਾਉਣ ਦਾ ਪੇਸ਼ਕਸ਼ ਕੀਤੀ ਸੀ।
ਇਸ ਮਾਮਲੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਜਥੇਬੰਦੀਆਂ ਨਿੱਤਰ ਆਈਆਂ ਸੀ। ਇਸ ਮਗਰੋਂ ਪੁਲਿਸ ਨੇ ਹੋਟਲ ਮਾਲਕ, ਮੈਨੇਜਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ। ਅਜਿਹੇ 21 ਹੋਰ ਏਜੰਟਾਂ ਦੇ ਖਿਲਾਫ ਹੀ ਕਾਰਵਾਈ ਕੀਤੀ ਹੈ।
ਔਜਲਾ ਨੇ ਇਲਜ਼ਾਮ ਲਾਇਆ ਕਿ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਤੇ ਸ਼ਹਿਰ ਵਿੱਚ ਸੁਰੱਖਿਅਤ ਮਾਹੌਲ ਮੁਹੱਈਆ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਵੀ ਅਜਿਹੇ ਮਾਮਲੇ ਪਹਿਲਾਂ ਹੀ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਜਾ ਚੁੱਕੇ ਹਨ।