ਅੱਜ ਖੁੱਲ੍ਹੇ ਪੰਜਾਬ ਦੇ ਸਰਕਾਰੀ ਸਕੂਲ, ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ

ਕੋਰੋਨਾ ਵਾਇਰਸ ਕਾਰਨ ਸਾਰੇ ਦੇਸ਼ ਦੇ ਸਕੂਲਾਂ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਪਰ ਹੁਣ ਬਹੁਤ ਸਾਰੇ ਸੂਬਿਆਂ ਵਿੱਚ ਸਕੂਲ ਖੋਲ੍ਹੇ ਜਾ ਚੁੱਕੇ ਹਨ। ਪੰਜਾਬ ਵਿੱਚ ਸਾਰੇ ਸਕੂਲ ਅੱਜ ਖੁੱਲ੍ਹਣ ਜਾ ਰਹੇ ਹਨ। ਇਸ ਦੌਰਾਨ ਸਕੂਲਾਂ ਨੂੰ ਕੋਰੋਨਾ ਵਾਇਰਸ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ।

ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ ਪਰ ਵਿਦਿਆਰਥੀਆਂ ਦੇ ਸਕੂਲ ਲਈ ਮਾਪਿਆਂ ਦੀ ਲਿਖਤੀ ਸਹਿਮਤੀ ਜ਼ਰੂਰੀ ਹੋਵੇਗੀ। ਇਸ ਦੇ ਨਾਲ ਹੀ ਸਾਰੇ ਸਟਾਫ਼ ਲਈ ਕੋਵਾ ਐਪ ਇੰਸਟਾਲ ਕਰਨੀ ਜ਼ਰੂਰੀ ਹੈ।
ਪੰਜਾਬ ਦੇ ਸਰਕਾਰੀ ਸਕੂਲ ਸਵੇਰੇ 8.30 ਤੋਂ 2.30 ਤਕ ਖੁੱਲ੍ਹਣਗੇ। ਦਸ ਦਈਏ ਕਿ ਇਸ ਅਨਲਾਕ ਤਹਿਤ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਸਕੂਲ ਖੋਲ੍ਹੇ ਜਾਣ ਦੀ ਮਨਜ਼ੂਰੀ ਦਿੱਤੀ ਹੈ ਜਿਸ ਦੇ ਮੱਦੇਨਜ਼ਰ ਕਈ ਸੂਬਿਆਂ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ ਪਰ ਪੰਜਾਬ ਵਿੱਚ ਅੱਜ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿਚ ਕੋਰਨਾਵਾਇਰਸ ਦੇ ਨਵੇਂ ਕੇਸਾਂ ਅਤੇ ਮੌਤਾਂ ਦੇ ਮਾਮਲਿਆਂ ਵਿਚ ਕਮੀ ਆਈ ਹੈ। ਇਸ ਦੌਰਾਨ ਸਰਕਾਰ ਵੱਲੋਂ ਨਿਯੁਕਤ ਕੀਤੇ ਵਿਗਿਆਨੀਆਂ ਦੀ ਇੱਕ ਕਮੇਟੀ ਨੇ ਐਤਵਾਰ ਨੂੰ ਭਾਰਤ ਵਿੱਚ ਕੋਵਿਡ -19 ‘ਤੇ ਪ੍ਰਤੀਕ੍ਰਿਆ ਦਿੱਤੀ।
ਕਮੇਟੀ ਦਾ ਅਨੁਮਾਨ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਦਾ ਸਿਖਰ ਹੁਣ ਭਾਰਤ ਵਿਚੋਂ ਲੰਘ ਗਿਆ ਹੈ। ਹਾਲਾਂਕਿ, ਕਮੇਟੀ ਨੇ ਕਿਹਾ ਕਿ ਦੇਸ਼ ਵਿੱਚ ਮਹਾਂਮਾਰੀ ਦੀ ਦੂਸਰੀ ਲਹਿਰ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਅਤੇ ਇਸ ਕਾਰਨ ਫਰਵਰੀ 2021 ਵਿੱਚ ਭਾਰਤ ਵਿੱਚ ਕੋਰੋਨਾ ਦੇ ਸਰਗਰਮ ਮਾਮਲੇ 1.06 ਕਰੋੜ ਤੋਂ ਵੱਧ ਹੋਣ ਦੀ ਸੰਭਾਵਨਾ ਹੈ। ਕਮੇਟੀ ਦਾ ਕਹਿਣਾ ਹੈ ਕਿ ਅਜਿਹੀ ਸਥਿਤੀ ਵਿਚ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਲਈ ਜ਼ਰੂਰੀ ਕਦਮ ਇਸ ਤਰ੍ਹਾਂ ਜਾਰੀ ਰਹਿਣੇ ਚਾਹੀਦੇ ਹਨ।
