ਅੱਜ ਤੇ ਕੱਲ੍ਹ ਮੀਂਹ ਦਾ ਅਲਰਟ, ਮੀਂਹ ਨਾਲ ਵਧ ਸਕਦੀ ਹੈ ਹੋਰ ਠੰਡ

ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਤੇ 13 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ 14 ਤੇ 15 ਜਨਵਰੀ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਠੰਡ ਵੀ ਹੋਰ ਵਧ ਸਕਦੀ ਹੈ। ਇਸ ਲਈ ਅਜੇ ਠੰਡ ਤੇ ਧੁੰਦ ਤੋਂ ਰਾਹਤ ਦੀ ਕੋਈ ਸੰਭਾਵਨਾ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਡ ਤੇ ਸੰਘਣੀ ਧੁੰਦ ਤੋਂ ਬਾਅਦ ਬੁੱਧਵਾਰ ਨੂੰ ਕਈ ਥਾਵਾਂ ਤੇ ਕਿਣਮਿਣ ਹੋਈ। ਹਲਕੇ ਮੀਂਹ ਦੇ ਨਾਲ ਠੰਡੀਆਂ ਹਵਾਵਾਂ ਵੀ ਚੱਲੀਆਂ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ 12.7 ਡਿਗਰੀ ਸੈਲਸੀਅਸ, ਪਟਿਆਲਾ, ਬਠਿੰਡਾ ਵਿੱਚ 13 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 12.8 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 12 ਡਿਗਰੀ ਸੈਲਸੀਅਸ,
ਨਵਾਂ ਸ਼ਹਿਰ ਵਿੱਚ 10.5 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 17 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ ਵਿੱਚ 11.8 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਬਠਿੰਡਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬੁੱਧਵਾਰ ਨੂੰ ਪਠਾਨਕੋਟ, ਲੁਧਿਆਣਾ, ਆਦਮਪੁਰ, ਪਟਿਆਲਾ, ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹੋਰ ਸ਼ਹਿਰਾਂ ਵਿੱਚ ਕਿਣ-ਮਿਣ ਹੋਈ।