News

ਅੱਜ ਹੋਵੇਗੀ ਕੈਬਨਿਟ ਮੀਟਿੰਗ, ਲਿਆਂਦਾ ਜਾ ਸਕਦਾ ਹੈ ਮੁਫ਼ਤ ਬਿਜਲੀ ਦਾ ਪ੍ਰਸਤਾਵ

ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ (12 ਅਪ੍ਰੈਲ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਉਹ ਪੰਜਾਬੀਆਂ ਲਈ ਕੁਝ ਨਵਾਂ ਕਰਨ ਜਾ ਰਹੇ ਹਨ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਜਲਦ ਹੀ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਦਾ ਐਲਾਨ ਕਰ ਸਕਦੀ ਹੈ।

May be an image of 1 person, standing and indoor

ਮੰਗਲਵਾਰ ਨੂੰ ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਿਚਾਲੇ ਢਾਈ ਘੰਟੇ ਤੱਕ ਮੀਟਿੰਗ ਹੋਈ। ਇਸ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਬਹੁਤ ਜਲਦੀ ਮੈਂ ਪੰਜਾਬ ਦੇ ਲੋਕਾਂ ਨੂੰ ਖੁਸ਼ਖਬਰੀ ਦੇਵਾਂਗਾ। ਇਸ ਨੂੰ ਰੀਟਵੀਟ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ।

ਅੱਜ ਚੰਡੀਗੜ੍ਹ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਮੁੱਦਾ ਵਿਚਾਰਿਆ ਜਾ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਿਜਲੀ ਇੱਕ ਵੱਡਾ ਮੁੱਦਾ ਸੀ। ਉਦੋਂ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਪੰਜਾਬ ਦੇ ਸਾਰੇ ਘਰਾਂ ਨੂੰ 300 ਯੂਨਿਟ ਮੁਫਤ ਅਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ।

ਪੰਜਾਬ ‘ਚ ਕਰੀਬ 73 ਲੱਖ ਬਿਜਲੀ ਖਪਤਕਾਰ ਹਨ, ਜਿਨ੍ਹਾਂ ‘ਚੋਂ 15 ਫੀਸਦੀ ਦੇ ਕਰੀਬ ਇਸ ਸਮੇਂ ਮੁਫਤ ਬਿਜਲੀ ਦਾ ਲਾਭ ਲੈ ਰਹੇ ਹਨ। 2021-22 ‘ਚ ਸਰਕਾਰ ਨੂੰ ਇਸ ‘ਤੇ 10,668 ਕਰੋੜ ਰੁਪਏ ਖਰਚ ਕਰਨੇ ਪਏ। ਇਸ ਵਿੱਚੋਂ 7180 ਕਰੋੜ ਕਿਸਾਨਾਂ ‘ਤੇ, 1627 ਕਰੋੜ ਐਸਸੀ, ਓਬੀਸੀ ਅਤੇ ਬੀਪੀਐਲ ਗਾਹਕਾਂ ‘ਤੇ ਖਰਚ ਕੀਤੇ ਗਏ। ਹੁਣ ਹਰ ਕਿਸੇ ਨੂੰ ਮੁਫਤ ਬਿਜਲੀ ਦੇਣ ਨਾਲ ਸਰਕਾਰੀ ਖਜ਼ਾਨੇ ‘ਤੇ ਕਰੀਬ 5000 ਕਰੋੜ ਰੁਪਏ ਦਾ ਵੱਖਰਾ ਬੋਝ ਪੈਣ ਦੀ ਸੰਭਾਵਨਾ ਹੈ।

ਅਧਿਕਾਰੀਆਂ ਮੁਤਾਬਕ ਪੰਜਾਬ ਵਿੱਚ ਕੁਝ ਵਰਗਾਂ ਲਈ ਮੁਫਤ ਬਿਜਲੀ ਦੀ ਸਕੀਮ ਪਹਿਲਾਂ ਹੀ ਲਾਗੂ ਹੈ। ਇਸ ਤਹਿਤ SC, OBC ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਨੂੰ 200 ਯੂਨਿਟ ਮੁਫਤ ਬਿਜਲੀ ਦਿੱਤੀ ਜਾਂਦੀ ਹੈ। ਪਰ ਹੁਣ ‘ਆਪ’ ਸਰਕਾਰ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ‘ਤੇ ਕੰਮ ਕਰ ਰਹੀ ਹੈ। ਜਿਹੜਾ ਵੀ 300 ਯੂਨਿਟ ਤੋਂ ਵੱਧ ਬਿਜਲੀ ਖਰਚ ਕਰਦਾ ਹੈ, ਉਸ ਤੋਂ ਪੂਰਾ ਬਿੱਲ ਵਸੂਲਿਆ ਜਾਵੇਗਾ।

Click to comment

Leave a Reply

Your email address will not be published.

Most Popular

To Top