ਇਹਨਾਂ ਸੂਬਿਆਂ ’ਚ ਆਵੇਗੀ ਧੂੜ ਭਰੀ ਹਨੇਰੀ, ਪੰਜਾਬ ’ਚ ਵੀ ਪੈ ਸਕਦਾ ਹੈ ਭਾਰੀ ਮੀਂਹ

ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਜਿੱਥੇ ਪਾਰਾ 46 ਡਿਗਰੀ ਤੋਂ ਪਾਰ ਹੋ ਗਿਆ ਹੈ। ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਵੀ ਪਾਰਾ 47 ਡਿਗਰੀ ਦਰਜ ਕੀਤਾ ਗਿਆ ਹੈ। ਆਈਐਮਡੀ ਨੇ ਕਿਹਾ, ‘ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 16 ਅਤੇ 17 ਮਈ ਨੂੰ ਤੇਜ਼ ਹਵਾਵਾਂ, ਬਾਰਸ਼ ਤੇ ਗੜੇਮਾਰੀ ਦੀ ਬਹੁਤ ਸੰਭਾਵਨਾ ਹੈ।

16 ਅਤੇ 17 ਮਈ ਨੂੰ ਉੱਤਰੀ ਪੰਜਾਬ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। 16 ਮਈ ਨੂੰ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ ਧੂੜ ਭਰੀ ਹਨੇਰੀ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਚੰਡੀਗੜ੍ਹ ਦਾ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਕਿ ਪਿਛਲੇ ਦੋ ਦਿਨਾਂ ਤੋਂ ਉੱਤਰੀ ਭਾਰਤ ਵਿੱਚ ਤੇਜ਼ ਗਰਮੀ ਦਾ ਪ੍ਰਕੋਪ ਐਤਵਾਰ ਨੂੰ ਹੋਰ ਵਧ ਸਕਦਾ ਹੈ। ਵਿਭਾਗ ਨੇ ਜਾਣਕਾਰੀ ਦਿੱਤੀ ਕਿ ਦੋਵਾਂ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਨੂੰ ਪਾਰ ਕਰ ਸਕਦਾ ਹੈ।
ਹਰਿਆਣਾ ਦੇ ਸਿਰਸਾ ਵਿੱਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ ਸੈਲਸੀਅਸ ਰਿਹਾ। ਹਿਸਾਰ ਅਤੇ ਬਠਿੰਡਾ ਦੇ ਮੌਸਮ ਕੇਂਦਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 46.4 ਡਿਗਰੀ ਸੈਲਸੀਅਸ ਅਤੇ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਛੇ ਡਿਗਰੀ ਵੱਧ ਹੈ।
