ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਇੱਕ ਹਫਤੇ ਵਿੱਚ ਵੱਡੀ ਮਾਤਰਾ ‘ਚ ਨਸ਼ੇ ਤੇ ਡਰੱਗ ਮਨੀ ਸਣੇ 258 ਤਸਕਰ ਕਾਬੂ: ਆਈਜੀਪੀ

ਪੰਜਾਬੀ ਲੋਕ · 16 January 2023
ਇੱਕ ਹਫਤੇ ਵਿੱਚ ਵੱਡੀ ਮਾਤਰਾ ‘ਚ ਨਸ਼ੇ ਤੇ ਡਰੱਗ ਮਨੀ ਸਣੇ 258 ਤਸਕਰ ਕਾਬੂ: ਆਈਜੀਪੀ

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨਡੀਪੀਐਸ ਐਕਟ ਤਹਿਤ 194 ਐਫਆਈਆਰ ਦਰਜ ਕਰਕੇ, ਜਿਸ ਵਿੱਚ 31 ਵਪਾਰਕ ਮਾਮਲੇ ਹਨ, 258 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Image

ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ 41.26 ਕਿਲੋ ਹੈਰੋਇਨ, 13.55 ਕਿਲੋ ਅਫੀਮ, 53.25 ਕਿਲੋ ਗਾਂਜਾ, 4.81 ਕੁਇੰਟਲ ਭੁੱਕੀ ਅਤੇ 5.28 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 20.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

Image

ਆਈਜੀਪੀ ਨੇ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 15 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 623 ਹੋ ਗਈ ਹੈ। ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 176 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਦੱਸ ਦਈਏ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਦੱਸ ਦਈਏ ਕਿ ਸੀਐਮ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ।

 

Tags: India Punjab Punjab Police

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ