ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਾਸਤਾਨ-ਏ-ਸਰਹਿੰਦ ਫ਼ਿਲਮ ’ਤੇ ਰੋਕ ਲਗਾਉਣ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਫਿਲਮ ਵਿੱਚ ਦਸਵੇਂ ਪਾਤਸ਼ਾਹ ਜੀ ਦੇ ਨਿੱਕੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।
ਇਸ ਦੇ ਨਾਲ ਹੀ ਕਈ ਜੱਥੇਬੰਦੀਆਂ ਅਤੇ ਸੰਗਤ ਵੱਲੋਂ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਹੁਤ ਸਾਰੇ ਇਤਰਾਜ਼ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜੇ ਹਨ। ਉਹਨਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਤੋਂ ਵੱਡਾ ਕੋਈ ਨਹੀਂ ਹੈ, ਜਿਸ ਦੀ ਤਰਜ਼ਮਾਨੀ ਕਰਦਿਆਂ ਇਸ ਫ਼ਿਲਮ ਦੇ ਰਿਲੀਜ਼ ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਦੇ ਨਾਲ ਹੀ ਫਿਲਮ ਸੈਂਸਰ ਬੋਰਡ ਵੀ ਆਪਣੇ ਫ਼ੈਸਲੇ ਤੇ ਮੁੜ ਵਿਚਾਰ ਕਰੇ। ਉਹਨਾਂ ਦੱਸਿਆ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫਿਲਮ ਨੂੰ ਐਨਓਸੀ ਨਹੀਂ ਜਾਰੀ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫ਼ਿਲਮ ਸਬੰਧੀ ਸਿੱਖ ਇਤਿਹਾਸ, ਸਿਧਾਂਤਾਂ, ਸਿੱਖ ਮਰਿਯਾਦਾ ਅਤੇ ਪ੍ਰੰਪਰਾਵਾਂ ਦੀ ਰੌਸ਼ਨੀ ਵਿੱਚ ਹੀ ਕੋਈ ਫ਼ੈਸਲਾ ਲਿਆ ਜਾਂਦਾ ਹੈ।