ਓਮੀਕ੍ਰੋਨ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ‘ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਲੱਗੀਆਂ ਪਾਬੰਦੀਆਂ

ਓਮੀਕਰੋਨ ਦੇ ਵਧਦੇ ਮਾਮਲਿਆਂ ਦੌਰਾਨ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਵੀ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਨੇ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ‘ਚ ਐਂਟਰੀ ਲਈ ਦੋਵੇਂ ਵੈਕਸੀਨ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

ਇਸ ਦੇ ਨਾਲ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਦੋਵੇਂ ਡੋਜ਼ ਲੱਗੀਆਂ ਹੋਈਆਂ ਹਨ ਤਾਂ ਸਰਟੀਫਿਕੇਟ ਕੋਲ ਹੋਣਾ ਜ਼ਰੂਰੀ ਹੈ। ਪੰਜਾਬ ਸਰਕਾਰ ਨੇ ਦੋਵੇਂ ਵੈਕਸੀਨ ਲਾਜ਼ਮੀ ਕਰ ਦਿੱਤੀਆਂ ਹਨ। ਸਰਕਾਰੀ ਹੁਕਮ ਮੁਤਾਬਕ ਪੰਜਾਬ ਵਿੱਚ 15 ਜਨਵਰੀ ਤੋਂ ਜਨਤਕ ਥਾਵਾਂ ਜਿਵੇਂ ਮਾਰਕੀਟਾਂ, ਮਾਲਾਂ, ਹੋਟਲਾਂ ਤੇ ਸਿਨਮਾ ਹਾਲਾਂ ਵਿੱਚ ਕੋਵਿਡ-19 ਤੋਂ ਬਚਾਅ ਲਈ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ।


ਸਰਕਾਰ ਨੇ ਪ੍ਰਾਈਵੇਟ ਤੇ ਸਰਕਾਰੀ ਖੇਤਰ ਦੇ ਬੈਂਕਾਂ, ਹੋਟਲਾਂ, ਬਾਰਾਂ, ਰੈਸਟੋਰੈਂਟਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ, ਸਿਨਮਾ ਹਾਲਾਂ, ਜਿਮਾਂ ਤੇ ਫਿਟਨੈੱਸ ਸੈਂਟਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਇਜਾਜ਼ਤ ਦੇਣ।
ਸੂਬੇ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ, ਬੋਰਡ ਤੇ ਕਾਰਪੋਰੇਸ਼ਨ ਦਫ਼ਤਰਾਂ ਵਿੱਚ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਆਉਣ ਦੀ ਇਜਾਜ਼ਤ ਹੋਵੇਗੀ।
ਦਿਸ਼ਾ-ਨਿਰਦੇਸ਼
ਹੋਟਲ, ਬਾਰ, ਰੈਸਟੋਰੈਂਟ, ਮਾਲ, ਸ਼ਾਪਿੰਗ ਕੰਪਲੈਕਸ ‘ਚ ਉਹੀ ਲੋਕ ਦਾਖਲ ਹੋ ਸਕਦੇ ਹਨ ਜਿਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲਈਆਂ ਹਨ।
ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਸ਼ਾਪਿੰਗ ਕੰਪਲੈਕਸ ‘ਚ ਜ਼ਿਆਦਾ ਭੀੜ ਇਕੱਠੀ ਕਰਨ ‘ਤੇ ਮਨਾਹੀ ਹੋਵੇਗੀ।
ਸਿਹਤ ਪ੍ਰੋਟੋਕਾਲ ਮੁਤਾਬਕ ਨਿੱਜੀ ਤੇ ਸਰਕਾਰੀ ਖੇਤਰ ਦੇ ਬੈਂਕਾਂ ਦੋਵੇਂ ਡੋਜ਼ਾਂ ਲਈਆਂ ਜਾਣ ਵਾਲਿਆਂ ਨੂੰ ਹੀ ਆਪਣੀ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਹੋਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ’ਚ 82 ਫ਼ੀਸਦੀ ਜਨਸੰਖਿਆ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ। ਅੰਕੜਿਆਂ ਦੇ ਹਿਸਾਬ ਨਾਲ ਸੂਬੇ ਦੇ 1.70 ਕਰੋੜ ਲੋਕਾਂ ਨੂੰ ਪਹਿਲੀ ਡੋਜ਼ ਲੱਗ ਚੁੱਕੀ ਹੈ। 44 ਫ਼ੀਸਦੀ ਜਨਸੰਖਿਆ ਅਰਥਾਤ 90 ਲੱਖ ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ।
