ਓਲੰਪਿਕ ਤਮਗਾ ਜੇਤੂ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਕੀਤਾ ਸਨਮਾਨਿਤ

ਪਦਮ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਈ ਹੈ। ਇਹ ਪੁਰਸਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਦਿੱਤੇ ਗਏ ਹਨ। ਓਲੰਪਿਕ ਤਮਗਾ ਜੇਤੂ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।
ਅੱਜ ਦੇ ਪ੍ਰੋਗਰਾਮ ਵਿੱਚ 141 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਸਾਲ 2020 ਵਿੱਚ ਸ਼ਾਨਦਾਰ ਕੰਮ ਕਰਨ ਲਈ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ 2021 ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 119 ਲੋਕਾਂ ਨੂੰ ਮੰਗਲਵਾਰ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਰਾਸ਼ਟਰਪਤੀ ਨੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦਾ ਪਦਮ ਵਿਭੂਸ਼ਣ ਪੁਰਸਕਾਰ ਉਹਨਾਂ ਦੀ ਪਤਨੀ ਸੰਗੀਤਾ ਜੇਤਲੀ ਨੂੰ ਭੇਟ ਕੀਤਾ, ਜਦਕਿ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦਾ ਪਦਮ ਵਿਭੂਸ਼ਣ ਪੁਰਸਕਾਰ ਉਹਨਾਂ ਦੀ ਬੇਟੀ ਬੰਸੂਰੀ ਸਵਰਾਜ ਨੇ ਪ੍ਰਾਪਤ ਕੀਤਾ। ਫਿਲਮੀ ਹਸਤੀਆਂ ਵਿੱਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ।
