ਕਾਂਗਰਸੀ ਲੀਡਰ ਚੰਨੀ ਨੇ ਸਿਆਸੀ ਸਵਾਲਾਂ ‘ਤੇ ਕਿਹਾ, ‘ਸ਼ਹੀਦੀ ਦਿਹਾੜੇ ‘ਚ ਰਾਜਨੀਤੀ ਦੀ ਕੋਈ ਗੱਲ ਨਹੀਂ ਕਰਨੀ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿਖੇ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਣ ਦੌਰਾਨ ਗੱਲਬਾਤ ਕਰਦਿਆਂ ਕਿਹਾ, ਸ਼ਹੀਦੀ ਜੋੜ ਮੇਲ ਚੱਲ ਰਿਹਾ ਹੈ। ਇਹਨਾਂ ਦਿਨਾਂ ਵਿੱਚ ਸ਼ਗਨਾਂ ਦੀ ਗੱਲ ਨਹੀਂ ਹੁੰਦੀ ਅਤੇ ਨਾ ਹੀ ਕੋਈ ਸਿਆਸਤ ਦੀ ਗੱਲ ਕਰਨੀ ਹੈ।
ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਕੋਈ ਵੀ ਸਿਆਸਤ ਦੀ ਗੱਲ ਨਹੀਂ ਕਰਨੀ। ਉਹਨਾਂ ਸਪੱਸ਼ਟ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅੱਜ ਨਹੀਂ ਫਿਰ ਕਦੀ ਸਹੀ।
ਯੂਥ ਲੀਡਰ ਅਮਨਦੀਪ ਸਿੰਘ ਅਬਿਆਣਾ ਨੇ ਕਿਹਾ ਕਿ ਉਹਨਾਂ ਦੇ ਲੀਡਰ ਚਰਨਜੀਤ ਸਿੰਘ ਚੰਨੀ ਦੀ ਇਲਾਕੇ ਦੇ ਨਹੀਂ ਸਗੋਂ ਪੰਜਾਬ ਦੇ ਲੋਕਾਂ ਨੂੰ ਬੇਸਬਰੀ ਨਾਲ ਉਡੀਕ ਸੀ ਅਤੇ ਚੰਨੀ ਨੇ ਪੰਜਾਬ ਪਹੁੰਚਣ ਤੇ ਸਭ ਤੋਂ ਪਹਿਲਾਂ ਆਪਣੇ ਪਰਿਵਾਰ ਦੀ ਪੁਰਾਣੀ ਪ੍ਰਥਾ ਨੂੰ ਕਾਇਮ ਰੱਖਦੇ ਹੋਏ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਤਮਸਤਕ ਹੋਣ ਲਈ ਪੈਦਲ ਯਾਤਰਾ ਤੇ ਹਨ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅੱਜ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਸ਼ੁਰੂ ਕੀਤੀ। ਇਸ ਦੌਰਾ ਰਸਤੇ ਵਿਚ ਸੰਗਤ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸੁਆਗਤ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਹੁੰਦੇ ਹੋਏ ਪਰਿਵਾਰ ਸਮੇਤ ਪੈਦਲ ਯਾਤਰਾ ਕੀਤੀ ਸੀ। ਚਰਨਜੀਤ ਸਿੰਘ ਚੰਨੀ ਦੇ ਨਾਲ ਵੱਡੀ ਗਿਣਤੀ ‘ਚ ਸਮਰਥਕ ਵੀ ਪੈਦਲ ਯਾਤਰਾ ਕਰ ਰਹੇ ਹਨ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨੀਂ ਹੀ ਵਿਦੇਸ਼ ਤੋਂ ਭਾਰਤ ਪਰਤੇ ਹਨ।