ਕਾਂਗਰਸ ਅਤੇ ਭਾਜਪਾ ਨੂੰ ਲਾਏ ਰਗੜੇ, ਗਾਂਧੀ ਪਰਿਵਾਰ ਨੇ ਪੰਜਾਬ ਅਤੇ ਸਿੱਖ ਕੌਮ ਦਾ ਕੀਤਾ ਸਭ ਤੋਂ ਵੱਧ ਨੁਕਸਾਨ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਕਿਉਂਕਿ ਇਹ ਪਾਰਟੀ ਹੀ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਸੇ ਤੇ ਰਵਾਇਤਾਂ ਦੀ ਅਸਲ ਉੱਤਰਾਧਿਕਾਰੀ ਹੈ। ਉਹਨਾਂ ਐਲਾਨ ਕੀਤਾ ਕਿ ਪਾਰਟੀ ਸਰਬੱਤ ਦੇ ਭਲੇ ਦੇ ਮੂਲ ਸਿਧਾਂਤ ਮੁਤਾਬਕ ਆਪਣਾ ਸੰਘਰਸ਼ ਜਾਰੀ ਰੱਖੇਗੀ।
ਇੱਥੇ ਮਾਘੀ ਮੇਲੇ ਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ਼ ਉਸੇ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਹੈ, ਜਿਸ ਨੇ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ ਅਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰਹਿਣੀ ਯਕੀਨੀ ਬਣਾਈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਵੇਖ ਲਿਆ ਹੈ ਕਿ ਭਾਵੇਂ ਪਿਛਲੀ ਕਾਂਗਰਸ ਸਰਕਾਰ ਨੇ ਝੂਠੇ ਵਾਅਦੇ ਕੀਤੇ, ਜੋ ਪੂਰੇ ਨਹੀਂ ਕੀਤੇ ਗਏ।
ਉਹਨਾਂ ਕਿਹਾ ਕਿ ਪੰਜਾਬੀ ਭਾਜਪਾ ਤੋਂ ਜ਼ਿਆਦਾ ਆਸਾਂ ਨਹੀਂ ਲਾ ਸਕਦੇ ਕਿਉਂਕਿ ਇਹ ਪਾਰਟੀ ਪੰਜਾਬੀਆਂ ਨੂੰ ਇੱਕ-ਦੂਜੇ ਨਾਲ ਲੜਾਉਣ ਲਈ ਭੜਕਾ ਰਹੀ ਹੈ। ਪੰਜਾਬੀਆਂ ਨੂੰ ਫ਼ੈਸਲੇ ਲੈਣ ਤੋਂ ਪਹਿਲਾਂ ਸੋਚ-ਵਿਚਾਰ ਕਰਨ ਦੀ ਸਲਾਹ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਭਾਵਨਾਵਾਂ ਦੇ ਵਹਿਣ ਵਿੱਚ ਵਹਿ ਚੁੱਕੇ ਹਨ।
ਬਾਦਲ ਨੇ ਪੰਜਾਬੀਆਂ ਨੂੰ ਕਿਹਾ ਕਿ ਉਹ ਰਾਹੁਲ ਗਾਂਧੀ ਦਾ ਸਵਾਗਤ ਕਰਨ ਤੋਂ ਪਹਿਲਾਂ ਆਪਣੇ ਮਨਾਂ ਵਿੱਚ ਵਿਚਾਰ ਕਰ ਲੈਣ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੇ ਪੰਜਾਬ ਦੇ ਸਿੱਖ ਕੌਮ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਕਾਨਫਰੰਸ ਦੌਰਾਨ ਮੰਚ ਸੰਚਾਲਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਮੂਹ ਲੀਡਰਸ਼ਿਪ ਨੂੰ ਜੀ ਆਇਆ ਕਹਿੰਦਿਆਂ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ।