ਕਿਸਾਨਾਂ ਆਗੂਆਂ ਦਾ ਐਲਾਨ, ਸੰਸਦ ‘ਚ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ ਅੰਦੋਲਨ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਪਰ ਕਿਸਾਨਾਂ ਨੇ ਕਿਹਾ ਕਿ, ਅਸੀਂ ਜਲਦ ਹੀ ਮੀਟਿੰਗ ਕਰਾਂਗੇ। ਉਹਨਾਂ ਕਿਹਾ ਕਿ, ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦਾ ਸਿਰਫ਼ ਐਲਾਨ ਕੀਤਾ ਗਿਆ ਹੈ ਪਰ ਰਸਮੀ ਤੌਰ ਤੇ ਕਾਨੂੰਨ ਰੱਦ ਨਹੀਂ ਹੋਏ ਹਨ।

ਉੱਧਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ, ਸੰਸਦ ‘ਚ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਰਹੇਗਾ ਜਾਰੀ।ਉਨ੍ਹਾਂ ਕਿਹਾ ਹੈ ਕਿ ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੀ ਕਿਹਾ ਕਿ, ਪ੍ਰਧਾਨ ਮੰਤਰੀ ਮੋਦੀ ਵੱਲੋਂ ਅਜੇ ਤੱਕ ਐਮਐਸਪੀ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਿੰਨਾ ਸਮਾਂ ਪਾਰਲੀਮੈਂਟ ‘ਚ ਐਮਐਸਪੀ ਸਬੰਧੀ ਕਾਨੂੰਨ ਨਹੀਂ ਬਣਾਇਆ ਜਾਂਦਾ ਅਤੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਹਨਾਂ ਸਮਾਂ ਮੋਰਚਾ ਜਾਰੀ ਰਹੇਗਾ।
ਉਹਨਾਂ ਕਿਹਾ ਕਿ, ਪੀਐਮ ਮੋਦੀ ਨੇ ਖੁਦ ਮੰਨਿਆ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ, ਤੇ ਕਾਨੂੰਨ ਬਣਾਉਣਾ ਉਹਨਾਂ ਦਾ ਗਲਤ ਫ਼ੈਸਲਾ ਸੀ। ਲੋਕਾਂ ਦੇ ਹੌਂਸਲੇ ਸਦਕਾ ਹੀ ਇਹ ਕਾਨੂੰਨ ਰੱਦ ਹੋਏ ਹਨ। ਰਾਜੇਵਾਲ ਨੇ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਮੋਦੀ ਸਰਕਾਰ ਦਾ ਧੰਨਵਾਦ ਵੀ ਕੀਤਾ ਹੈ। ਅੰਦੋਲਨ ਉਦੋਂ ਹੀ ਖਤਮ ਹੋਵੇਗਾ ਜਦੋਂ ਪਾਰਲੀਮੈਂਟ ਦੇ ਸੈਸ਼ਨ ਵਿੱਚ ਉਹਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ।
ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ ਹੀ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ ‘ਤੇ ਵੀ ਚਰਚਾ ਕਰਨੀ ਚਾਹੀਦੀ ਹੈ। ਦੱਸ ਦਈਏ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਰੱਦ ਕਰਦਿਆਂ ਕਿਸਾਨਾਂ ਨੂੰ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਹੈ। ਟਿਕੈਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਹੀ ਕੰਮ ਨਹੀਂ ਬਣਨਾ, ਹੋਰ ਮੁੱਦਿਆਂ ਦਾ ਹੱਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜੇ ਅੰਦੋਲਨ ਜਾਰੀ ਰਹੇਗਾ।
