ਕਿਸਾਨਾਂ ਦਾ ਵੱਡਾ ਐਕਸ਼ਨ, ਅੱਜ ਘੇਰਨਗੇ ਦੇਸ਼ ਦੇ ਐਫਸੀਆਈ ਦਫ਼ਤਰ

ਕਿਸਾਨਾਂ ਦਾ ਤਿੰਨਾਂ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਹੋਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਯੂਪੀ ਗੇਟ ਤੇ ਬੁਲਾਈ ਗਈ ਮਹਾਂਪੰਚਾਇਤ ਵਿੱਚ ਕਿਸਾਨਾਂ ਨੇ 5 ਅਪ੍ਰੈਲ ਯਾਨੀ ਅੱਜ ਦੇਸ਼ਭਰ ਵਿੱਚ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਸਾਹਮਣੇ ਘਿਰਾਓ ਕਰ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਸੀ।

ਪੰਜਾਬ ਵਿੱਚ ਇਸ ਦਾ ਵੱਡਾ ਅਸਰ ਵੇਖਣ ਨੂੰ ਮਿਲੇਗਾ। ਇਸ ਲਈ ਭਾਰਤੀ ਖੁਰਾਕ ਨਿਗਮ ਦੇ ਖੇਤਰੀ ਜਨਰਲ ਮੈਨੇਜਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਖੁਰਾਕ ਨਿਗਮ ਦੇ ਦਫਤਰਾਂ, ਸਟਾਫ ਤੇ ਅਨਾਜ ਭੰਡਾਰ ਲਈ ਸੁਰੱਖਿਆ ਮੰਗੀ ਹੈ। ਇਸ ਲਈ ਪੰਜਾਬ ਪੁਲਿਸ ਵੱਲੋਂ ਖੁਰਾਕ ਨਿਗਮ ਦੀਆਂ ਇਮਾਰਤਾਂ ’ਤੇ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਐਫਸੀਆਈ ਦਾ ਗਲਾ ਘੁੱਟ ਕੇ ਕਾਰਪੋਰੇਟਾਂ ਨੂੰ ਕਿਸਾਨਾਂ ਦੀਆਂ ਫ਼ਸਲਾਂ ਦੀ ਖਰੀਦ ਦਾ ਕੰਮ ਸੌਂਪਣ ਲਈ ਜ਼ਖੀਰੇਬਾਜ਼ੀ ਖ਼ਿਲਾਫ਼ ਕਾਨੂੰਨ ਨੂੰ ਪੇਤਲਾ ਕਰਨ ਦੀ ਸਾਜ਼ਿਸ਼ ਖਿਲਾਫ਼ ਤੇ ਐਫਸੀਆਈ ਦੀ ਖਰੀਦ ਪ੍ਰਣਾਲੀ ਮਜ਼ਬੂਤ ਕਰਨ ਦੀ ਮੰਗ ਤੇ ਦੇਸ਼ਭਰ ਵਿੱਚ ਸਰਕਾਰੀ ਖਰੀਦ ਏਜੰਸੀ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
ਉਹਨਾਂ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਐਮਐਸਪੀ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਸਮਰਥਕ ਅਧਿਕਾਰੀਆਂ ਰਾਹੀਂ ਖਪਤਕਾਰ ਮਾਮਲਿਆਂ ਦੇ ਮੰਤਰੀ ਨੂੰ ਮੰਗ ਪੱਤਰ ਕੇਂਦਰ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜ਼ਮੀਨ ਦੀ ਜਮ੍ਹਾਂਬੰਦੀ ਜਮ੍ਹਾਂ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ ਤੇ ਫ਼ਸਲ ਦੀ ਅਦਾਇਗੀ ਕਾਸ਼ਤਕਾਰ ਨੂੰ ਕੀਤੀ ਜਾਵੇ। ਪੰਜਾਬ ਦੀਆਂ 32 ਕਿਸਾਨ ਧਿਰਾਂ ਵੱਲੋਂ ਪੰਜਾਬ ਵਿੱਚ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
