ਕਿਸਾਨਾਂ ਦੀ ਭੁੱਖ ਹੜਤਾਲ ਪਿੱਛੋਂ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗਾਂ ਦਾ ਦੌਰ ਤੇਜ਼

ਅੱਜ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਭੁੱਖ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਵੱਡੀ ਗਿਣਤੀ ਵਿੱਚ ਸਿਆਸੀ ਆਗੂਆਂ ਨੇ ਵੀ ਕਿਸਾਨਾਂ ਨਾਲ ਇਕ ਦਿਨ ਦਾ ਵਰਤ ਰੱਖਿਆ ਹੋਇਆ ਹੈ। ਸੋਮਵਾਰ ਨੂੰ ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਹੰਕਾਰ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਦੀ ਮੰਗ ਅਨੁਸਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ।

ਸਰਕਾਰ ਵੀ ਮਸਲੇ ਦੇ ਹੱਲ ਲਈ ਸਰਗਰਮ ਜਾਪ ਰਹੀ ਹੈ। ਸਰਕਾਰ ਕਿਸਾਨਾਂ ਨੂੰ ਮਨਾਉਣ ਅਤੇ ਅੰਦੋਲਨ ਨੂੰ ਖ਼ਤਮ ਕਰਨ ਲਈ ਵੀ ਸਰਗਰਮ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਘਰ ਪਹੁੰਚੇ ਹਨ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਕਿਸਾਨਾਂ ਨੂੰ ਭਰੋਸਾ ਦਿਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਤੋਮਰ ਅਤੇ ਰਾਜਨਾਥ ਸਿੰਘ ਦੋਵੇਂ ਸਾਰਿਆਂ ਨਾਲ ਵੱਖਰੇ ਤੌਰ ‘ਤੇ ਗੱਲ ਕਰਨਗੇ, ਪਰ ਅਮਿਤ ਸ਼ਾਹ ਨੇ ਪੰਜਾਬ ਦੇ ਕਿਸਾਨ ਨੇਤਾਵਾਂ ਦੀ ਜ਼ਿੰਮੇਵਾਰੀ ਨਿਭਾਈ ਹੈ।
ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹਨਾਂ ਧਰਨਿਆਂ ਵਿੱਚ ਪੰਜਾਬ ਤੋਂ ਇਲਾਵਾ ਹੋਰ ਕਈ ਸੂਬਿਆਂ ਦੇ ਲੋਕ ਵੀ ਸ਼ਾਮਲ ਹੋ ਰਹੇ ਹਨ। ਪਰ ਸਰਕਾਰ ਟੱਸ ਤੋਂ ਮੱਸ ਹੁੰਦੀ ਨਜ਼ਰ ਨਹੀਂ ਆ ਰਹੀ। ਸਰਕਾਰ ਦੇ ਇਸ ਰਵੱਈਏ ਕਰ ਕੇ ਅਪਣੀ ਮੰਗ ਤੇ ਅੜੇ ਕਿਸਾਨ ਸੰਗਠਨਾਂ ਦੇ ਸਾਰੇ ਪ੍ਰਧਾਨਾਂ ਵੱਲੋਂ ਅੱਜ ਇਕ ਦਿਨ ਦੀ ਭੁੱਖ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ।
ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਸ਼ਾਮ 5 ਵਜੇ ਤੱਕ ਚਲੇਗਾ। ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ। ਕਿਸਾਨ ਆਗੂ ਗੁਰਨਾਮ ਸਿੰਘ ਚੰਢੂਨੀ ਨੇ ਕਿਹਾ ਕਿ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾਣ ਵਾਲੀ ਇਹ ਭੁੱਖ ਹੜਤਾਲ 14 ਦਸੰਬਰ ਤੋਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਿਸਾਨਾਂ ਦੀ ਯੋਜਨਾ ਦਾ ਹਿੱਸਾ ਹੈ।
