ਕਿਸਾਨਾਂ ਦੇ ਹੌਂਸਲੇ ਬੁਲੰਦ, 5,000 ਕਿਸਾਨ ਜਾਂਦੇ ਨੇ ਤਾਂ 20,000 ਹੋਰ ਆ ਡਟਦੇ ਨੇ

ਕਿਸਾਨ ਅਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸੜਕਾਂ ਤੇ ਡਟੇ ਹੋਏ ਹਨ। ਉਹਨਾਂ ਵੱਲੋਂ ਮਾਰਗਾਂ ਦੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਦੂਜੇ ਪਾਸੇ ਕਿਸਾਨਾਂ ਦੇ ਹੌਂਸਲੇ ਵੀ ਪੂਰੀ ਤਰ੍ਹਾਂ ਬੁਲੰਦ ਹਨ। ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ।

ਦਿੱਲੀ ਦੀਆਂ ਸੜਕਾਂ ਤੇ ਕੜਾਕੇ ਦੀ ਠੰਡ ਵਿੱਚ ਡਟੇ ਕਿਸਾਨਾਂ ਦਾ ਅੰਦੋਲਨ ਅੱਜ 15ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇੱਥੋਂ 5000 ਲੋਕ ਜਾਂਦੇ ਹਨ ਤਾਂ 20,000 ਲੋਕ ਆਉਂਦੇ ਹਨ। ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਜਦਕਿ ਕੇਂਦਰ ਸਰਕਾਰ ਅਜੇ ਵੀ ਕਾਨੂੰਨਾਂ ‘ਚ ਕੁਝ ਸੋਧਾਂ ਕਰਨ ਦੀ ਗੱਲ ਆਖ ਰਹੀ ਹੈ।
ਕਿਸਾਨਾਂ ਨੇ ਸਰਕਾਰ ਦਾ ਸੋਧਾਂ ਵਾਲਾ ਪ੍ਰਸਤਾਵ ਠੁਕਰਾ ਦਿੱਤਾ ਹੈ। ਹੁਣ ਕਿਸਾਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ ਤੇ ਦੂਜੇ ਪਾਸੇ ਸਰਕਾਰ ਨੇ ਵੀ ਮਸਲੇ ਦਾ ਹੱਲ ਕੱਢਣ ਲਈ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਸਰਕਾਰ ਕਿਸਾਨਾਂ ਨੂੰ ਮੁੜ ਮੀਟਿੰਗ ਲਈ ਬੁਲਾਉਣ ਦੀ ਤਿਆਰੀ ਕਰ ਰਰੀ ਹੈ।
ਦਸ ਦਈਏ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਗਲਵਾਰ ਰਾਤ ਕਰੀਬ ਢਾਈ ਘੰਟੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਹਾਲਾਂਕਿ ਇਹ ਬੈਠਕ ਵਲੀ ਬੇਨਤੀਜਾ ਰਹੀ।
ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਰਹੇ, ਉੱਥੇ ਹੀ ਗ੍ਰਹਿ ਮੰਤਰੀ ਨੇ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰਨ ਲਈ ਮੰਗਲਵਾਰ ਦੇਸ਼ਵਿਆਪੀ ਬੰਦ ਵੀ ਕੀਤਾ। 13 ਕਿਸਾਨ ਲੀਡਰਾਂ ਨਾਲ ਸਰਕਾਰ ਦੀ ਬੈਠਕ ਹੋਈ ਸੀ।
ਰਾਤ ਅੱਠ ਵਜੇ ਬੈਠਕ ਸ਼ੁਰੂ ਹੋਈ ਸੀ ਜਿਸ ਵਿੱਚ 8 ਪੰਜਾਬ ਦੇ ਕਿਸਾਨ ਲੀਡਰ ਸਨ ਜਦਕਿ ਪੰਜ ਦੇਸ਼ ਭਰ ਦੇ ਹੋਰ ਸੂਬਿਆਂ ਤੋਂ ਸਨ। ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਜਾਰੀ ਗੱਲਬਾਤ ਦੀ ਅਗਵਾਈ ਕਰਨ ਵਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖਾਦ ਮੰਤਰੀ ਪੀਊਸ਼ ਗੋਇਲ ਤੇ ਉਦਯੋਗ ਤੇ ਵਣ ਮੰਤਰੀ ਸੋਮ ਪ੍ਰਕਾਸ਼ ਵੀ ਬੈਠਕ ਵਿੱਚ ਮੌਜੂਦ ਰਹੇ। ਬੈਠਕ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿ ਕਿਸਾਨ ਲੀਡਰਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ ਜਾਵੇਗਾ। ਕਿਸਾਨ ਲੀਡਰ ਸਰਕਾਰ ਦੇ ਪ੍ਰਸਤਾਵ ਤੇ ਬੈਠਕ ਕਰਨਗੇ।
