ਕਿਸਾਨਾਂ ਨੇ ਕੀਤੀ ਪ੍ਰੈਸ ਕਾਨਫਰੰਸ, ਕੀਤੇ ਇਹ ਨਵੇਂ ਐਲਾਨ

ਦਿੱਲੀ ਸਥਿਤ ਸਿੰਘੂ ਬਾਰਡਰ ‘ਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਆਪਣੀ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਹ ਸਰਕਾਰ ਵਲੋਂ ਬੁਰਾੜੀ ‘ਚ ਪ੍ਰਦਰਸ਼ਨ ਕਰਨ ਦੇ ਪ੍ਰਸਤਾਵ ਨੂੰ ਨਾ-ਮਨਜ਼ੂਰ ਕਰਦੇ ਹਨ। ਅਸੀਂ ਬਿਨਾਂ ਸ਼ਰਤ ਸਰਕਾਰ ਨਾਲ ਗੱਲਬਾਤ ਚਾਹੁੰਦੇ ਹਾਂ। ਬੁਰਾੜੀ ਖੁੱਲ੍ਹੀ ਜੇਲ੍ਹ ਵਾਂਗ ਹੈ ਅਤੇ ਉਹ ਅੰਦੋਲਨ ਦੀ ਥਾਂ ਨਹੀਂ ਹੈ।

ਉਨ੍ਹਾਂ ਨਾਲ ਇਹ ਵੀ ਕਿਹਾ ਕਿ ਸਾਡੇ ਕੋਲ ਵੱਡੀ ਮਾਤਰਾ ‘ਚ ਰਾਸ਼ਨ ਹੈ ਅਤੇ ਅਸੀਂ 4 ਮਹੀਨਿਆਂ ਤੱਕ ਸੜਕ ‘ਤੇ ਬੈਠ ਸਕਦੇ ਹਾਂ। ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ ਅਤੇ ਇਸ ਲਈ ਅਸੀਂ ਦਿੱਲੀ ਦੇ 5 ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਫ਼ੈਸਲਾ ਲਿਆ ਹੈ।
ਨਵੇਂ ਖੇਤੀਬਾੜੀ ਕਾਨੂੰਨ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਇੱਕ ਪਾਸੇ ਜਿੱਥੇ ਦਿੱਲੀ ਦੇ ਸਿੰਘੂ ਤੇ ਟਿੱਕਰੀ ਸੀਮਾ ਤੇ ਡਟੇ ਹੋਏ ਹਨ। ਉੱਥੇ ਹੀ ਹਜ਼ਾਰਾਂ ਕਿਸਾਨ ਯੂਪੀ ਦੀ ਸਰਹੱਦ ‘ਤੇ ਭਾਰਤੀ ਕਿਸਾਨ ਯੂਨੀਅਨ (ਬੀਕੇਆਈਯੂ) ਦੇ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਇਕੱਠੇ ਹੋਏ।
ਹਰਿਆਣਾ ਦੇ ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਤੇ ਦਿੱਲੀ ਬਾਰਡਰ ਨੇੜੇ ਪ੍ਰਦਰਸ਼ਨ ਕੀਤਾ। ਸ਼ਨੀਵਾਰ ਨੂੰ ਪੰਜਾਬ, ਹਰਿਆਣਾ ਤੇ ਯੂਪੀ ਦੇ ਹਜ਼ਾਰਾਂ ਕਿਸਾਨ ਦਿੱਲੀ ਵੱਲ ਵਧੇ ਤੇ ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾ ਲਿਆ ਹੈ। ਇੱਥੋਂ ਉਹ ਅਗਲੀ ਰਣਨੀਤੀ ਬਣਾਉਣਗੇ।
ਕਿਸਾਨਾਂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ ਠੁਕਰਾ ਦਿੱਤੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਅੰਦੋਲਨ ਮੰਗਾਂ ਮੰਨਣ ‘ਤੇ ਹੀ ਖਤਮ ਹੋਏਗਾ। ਇਸ ਨਾਲ ਕੇਂਦਰ ਸਰਕਾਰ ਕਸੂਤੀ ਘਿਰ ਗਈ ਹੈ। ਦਿੱਲੀ ਨੂੰ ਘੇਰੇ ਕਰਕੇ ਜ਼ਰੂਰੀ ਚੀਜ਼ਾਂ ਦੀ ਸਪਲਾਈ ਲੇਨ ਟੁੱਟ ਗਈ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ ਦਿੱਲੀ ਵਾਸੀਆਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ ਪਰ ਇਹ ਉਨ੍ਹਾਂ ਦੀ ਮਜ਼ਬੂਰੀ ਬਣ ਗਈ ਹੈ।
