News

ਕਿਸਾਨਾਂ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅੱਜ ਕਿਸਾਨਾਂ ਨੇ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਦੇਣ ਦਾ ਸੱਦਾ ਦਿੱਤਾ ਸੀ। ਇਸੇ ਤਹਿਤ ਕਿਸਾਨਾਂ ਦੇ ਵੱਡੇ ਕਾਫ਼ਲੇ ਨੇ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਸੌਂਪਿਆ ਹੈ। ਇਸ ਕਾਫ਼ਲੇ ਵਿੱਚ ਲੱਖਾ ਸਿਧਾਣਾ ਤੇ ਹੋਰ ਵੀ ਕਈ ਕਲਾਕਾਰ ਸ਼ਾਮਲ ਸਨ। ਨੌਜਵਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਸਾਨਾਂ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ ਗਈ।

ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਥਾਂ-ਥਾਂ ਤੇ ਬੈਰੀਕੇਡ ਲਾਏ ਹੋਏ ਸਨ। ਪਰ ਕਿਸਾਨ ਸਾਰੇ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋਏ। ਇਸ ਤੋਂ ਇਲਾਵਾ ਕਿਸਾਨਾਂ ਤੇ ਵਾਟਰ ਕੈਨਨ ਰਾਹੀਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਕਿਸਾਨ ਆਗੂਆਂ ਦਾ ਮੰਗ ਪੱਤਰ ਰਾਜਪਾਲ ਨੂੰ ਦੇਣ ਲਈ ਰਵਾਨਾ ਹੋ ਗਏ। ਇਸ ਦੌਰਾਨ ਚੰਡੀਗੜ੍ਹ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਵੀ ਸ਼ਾਂਤਮਈ ਮੁੜਨੇ ਸ਼ੁਰੂ ਹੋ ਗਏ।

ਕਿਸਾਨ ਇਸ ਪਿੱਛੋਂ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਆ ਰਹੇ ਹਨ ਅਤੇ ਇੱਥੇ ਉਹ ਸਾਰੇ ਲੰਗਰ ਛੱਕ ਕੇ ਅਪਣੇ ਘਰਾਂ ਨੂੰ ਪਤਰਣਗੇ। ਚੰਡੀਗੜ੍ਹ ਕੂਚ ਕਰਨ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ, ਰੂਦਲੂ ਮਾਨਸਾ, ਬਲਦੇਵ ਸਿੰਘ ਸਿਰਸਾ ਨੇ ਸੰਬੋਧਨ ਕੀਤਾ।ਕਿਸਾਨਾਂ ਨੇ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਪੁਲਿਸ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖਲਾ ਲਿਆ ਸੀ।

ਪੁਲਿਸ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਨੇ ਰਾਜ ਭਵਨ ਵੱਲ ਕੂਚ ਜਾਰੀ ਰੱਖਿਆ। ਇਸ ਤੋਂ ਪਹਿਲਾਂ ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲੀਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਵੱਲ ਵਧਣਾ ਸ਼ੁਰੂ ਕੀਤਾ ਸੀ। ਮੁਹਾਲੀ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਗੁਰਦੁਆਰਾ ਅੰਬ ਸਾਹਿਬ ਦੇ ਮੈਦਾਨ ਵਿੱਚ ਇਕੱਤਰ ਹੋਏ। ਰਾਜ ਭਵਨ ਵੱਲ ਕਿਸਾਨਾਂ ਦੇ ਮਾਰਚ ਕਾਰਨ ਚੰਡੀਗੜ੍ਹ ਪੁਲੀਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਸਨ। 

Click to comment

Leave a Reply

Your email address will not be published.

Most Popular

To Top