Punjab

ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ, ਸਿਆਸੀ ਧਿਰ ਵੀ ਆਏ ਹੱਕ ’ਚ

ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਕਿਸਾਨ ਸਿਰ-ਧੜ ਦੀ ਬਾਜ਼ੀ ਲਗਾਉਣ ਲਈ ਤਿਆਰ ਬੈਠੇ ਹਨ। ਬੇਸ਼ੱਕ ਬੀਜੇਪੀ ਨੂੰ ਛੱਡ ਸਾਰੀਆਂ ਸਿਆਸੀ ਧਿਰਾਂ ਕਿਸਾਨਾਂ ਦੇ ਹੱਕ ਵਿੱਚ ਡਟ ਗਈਆਂ ਹਨ ਪਰ ਇਸ ਸੰਘਰਸ਼ ਦੀ ਕਮਾਨ ਕਿਸਾਨ ਜਥੇਬੰਦੀਆਂ ਦੇ ਹੀ ਹੱਥ ਹੈ।

ਹੁਣ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਜੱਥੇਬੰਦੀਆਂ ਸੰਘਰਸ਼ ਲਈ ਇਕਜੁੱਟ ਹੋ ਗਈਆਂ ਹਨ। ਜੱਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 25 ਸਤੰਬਰ ਤੋਂ ਪੰਜਾਬ ਬੰਦ ਲਈ ਸਮੁੱਚੇ ਸੂਬੇ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ 23 ਸਤੰਬਰ ਤੋਂ 26 ਸਤੰਬਰ ਤਕ ਰੇਲਾਂ ਰੋਕਣ ਦਾ ਐਲਾਨ ਵੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਲਗਾਤਾਰ ਦੂਜੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ

ਸ਼੍ਰੋਮਣੀ ਅਕਾਲੀ ਦਲ ਨੇ ਵੀ 25 ਸਤੰਬਰ ਨੂੰ 3 ਘੰਟੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਪਟਿਆਲਾ ਤੇ ਲੰਬੀ ਵਿੱਚ ਪਿਛਲੇ ਅੱਠ ਦਿਨਾਂ ਤੋਂ ਚੱਲ ਰਹੇ ਮੋਰਚੇ ਅੱਜ ਚੁੱਕ ਦਿੱਤੇ ਜਾਣਗੇ ਤਾਂ ਜੋ ਤਿੰਨ ਦਿਨਾਂ ਰੇਲ ਰੋਕੋ ਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਟੈਲੀਕਾਮ ਕੰਪਨੀਆਂ ਨੂੰ ਵੱਡਾ ਝਟਕਾ, ਵਧੀਆਂ ਮੁਸ਼ਕਿਲਾਂ

ਉਨ੍ਹਾਂ ਦੱਸਿਆ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਕਿਸਾਨ ਸਭਾ ਪੰਜਾਬ, ਜੈ ਕਿਸਾਨ ਅੰਦੋਲਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਕਿਰਤੀ ਕਿਸਾਨ ਯੂਨੀਅਨਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ, ਔਰਤਾਂ ਤੇ ਨੌਜਵਾਨਾਂ ਨੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਹੈ।

ਉੱਥੇ ਹੀ ਕਿਸਾਨ ਲੀਡਰਾਂ ਨੇ ਕਿਹਾ ਕਿ ਬੀਤੇ ਦਿਨ ਰਾਜ ਸਭਾ ਵਿੱਚ ਸਿਰਫ ਜ਼ੁਬਾਨੀ ਵੋਟਿੰਗ ਖੇਤੀ ਬਿੱਲ ਪਾਸ ਕਰ ਕੇ ਭਾਰਤ ਦੀ ਜਮਹੂਰੀਅਤ ਦਾ ਘਾਣ ਕੀਤਾ ਗਿਆ ਹੈ। ਬਿੱਲਾਂ ਖਿਲਾਫ ਬੋਲਣ ਵਾਲੇ ਰਾਜ ਸਭਾ ਮੈਂਬਰਾਂ ਨੂੰ ਬਰਖ਼ਾਸਤ ਕਰਨ ਤੋਂ ਸਾਬਤ ਹੁੰਦਾ ਹੈ ਕਿ ਹੋਰ ਰਾਜ ਸਭਾ ਮੈਂਬਰਾਂ ਤੋਂ ਕਿਸੇ ਦਬਾਅ ਹੇਠ ਇਹ ਬਿੱਲ ਧੱਕੇ ਨਾਲ ਪਾਸ ਕਰਵਾਏ ਗਏ ਹਨ।

ਕਿਸਾਨ ਲੀਡਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣਾ ਵਕਾਰ ਉਦੋਂ ਤੱਕ ਹਾਸਲ ਨਹੀਂ ਕਰ ਸਕਦਾ ਜਦੋਂ ਤੱਕ ਕਿਸਾਨ ਵਿਰੋਧੀ ਭਾਜਪਾ ਹਕੂਮਤੀ ਗੱਠਜੋੜ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਨਾਲੋਂ ਵੱਖ ਨਹੀਂ ਹੁੰਦਾ। ਕਿਸਾਨ ਲੀਡਰਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਇਹ ਬਿੱਲ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਤੇ ਛੋਟੀ ਤੇ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਾਰੰਟ ਹਨ।  

   

Click to comment

Leave a Reply

Your email address will not be published. Required fields are marked *

Most Popular

To Top