ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼, ਕਿਸਾਨਾਂ ਨੇ ਕੀਤਾ ਖ਼ੁਲਾਸਾ

ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨ ਸੰਘਰਸ਼ ਨੂੰ ਤੇਜ਼ ਕਰ ਰਹੇ ਹਨ। ਪੰਜਾਬ ‘ਚੋਂ ਆਏ ਦਿਨ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਰਵਾਨਾ ਹੋ ਰਹੇ ਹਨ ਅਤੇ ਉਹਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਅਲੱਗ ਅੱਲਗ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਉੱਥੇ ਹੀ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਤੇ ਬੁੱਧੀਜੀਵੀ ਵਰਗ ਨੇ ਕੇਂਦਰ ਸਰਕਾਰ ਉੱਪਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਜਸ਼ ਘੜਨ ਦਾ ਇਲਜ਼ਾਮ ਲਾਇਆ ਹੈ। ਇਹਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕਿਸਾਨੀ ਨੂੰ ਬਰਬਾਦ ਕਰਨ ਵਾਲੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਨਕਾਰੀ ਹੈ।
ਹੁਣ ਜਦੋਂ ਸਰਕਾਰ ਦੇ ਕਾਰਪੋਰੇਟ ਗੱਠਜੋੜ ਬੇਨਕਾਬ ਹੋਣ ਲੱਗਾ ਹੈ ਤਾਂ ਸਰਕਾਰ ਕਦੇ ਕਿਸਾਨਾਂ ਨੂੰ ਖਾਲਿਸਤਾਨੀ, ਕਦੇ ਅੱਤਵਾਦੀ ਤੇ ਕਦੇ ਮਾਓਵਾਦੀ ਦੱਸ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਕੋਕਰੀ ਕਲਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਕੀਤੀਆਂ ਟਿੱਪਣੀਆਂ ਬਾਰੇ ਕਿਹਾ ਕਿ ਭਾਜਪਾ ਵੱਲੋਂ ਪਹਿਲਾਂ ਕਿਸਾਨੀ ਅੰਦੋਲਨ ਤੇ ਖਾਲਿਸਤਾਨ ਦਾ ਠੱਪਾ ਲਾਉਣ ਦੇ ਯਤਨ ਕੀਤੇ ਗਏ ਪਰ ਸੱਤਾਧਾਰੀ ਧਿਰ ਨੂੰ ਮੂੰਹ ਦੀ ਖਾਣੀ ਪਈ। ਹੁਣ ਕੌਮ ਮੀਡੀਆ ਦੇ ਸਹਾਰੇ ਕਿਸਾਨਾਂ ਨੂੰ ਮਾਓਵਾਦੀ ਦੱਸ ਕੇ ਹਊਆ ਖੜ੍ਹਾ ਕੀਤਾ ਜਾ ਰਿਹਾ ਹੈ।
