News

ਕਿਸਾਨੀ ਸੰਘਰਸ਼ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਲਈ ਮੁੱਖ ਮੰਤਰੀ ਕੈਪਟਨ ਵੱਲੋਂ ਮਦਦ ਦਾ ਐਲਾਨ

ਕਿਸਾਨੀ ਅੰਦੋਲਨ ਵਿੱਚ ਜਾਨ ਗੁਆ ਚੁੱਕੇ ਯੋਧਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਵੱਡੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹਰ ਉਸ ਕਿਸਾਨ ਦੇ ਪਰਿਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ ਕੀਤਾ ਹੈ ਜੋ ਇਹਨਾਂ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਅਪਣੀ ਜਾਨ ਗੁਆ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰ ਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਸਾਰੇ ਸਬੰਧਿਤ ਪੱਖਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਨਵੇਂ ਕਾਨੂੰਨ ਬਣਾਉਣੇ ਚਾਹੀਦੇ ਹਨ। ਕੇਂਦਰ ਸਰਕਾਰ ਵੱਲੋਂ ਸਿਰਫ ਆਪਣੇ ਬਹੁਮਤ ਦੇ ਜ਼ੋਰ ’ਤੇ ਬਿਨਾਂ ਕਿਸੇ ਚਰਚਾ ਦੇ ਸੰਸਦ ‘ਚ ਇਹ ਕਾਨੂੰਨ ਪਾਸ ਕਰਵਾਉਣ ’ਤੇ ਤਿੱਖਾ ਹਮਲਾ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਇਸ ਦੀ ਕੀਮਤ ਸਾਰਾ ਦੇਸ਼ ਚੁਕਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਖੇਤੀ ਅਨੁਸੂਚੀ-7 ਅਨੁਸਾਰ ਇਹ ਸੂਬਿਆਂ ਦਾ ਵਿਸ਼ਾ ਹੈ, ਇਸ ਲਈ ਕੇਂਦਰ ਵੱਲੋਂ ਰਾਜਸੀ ਮਾਮਲੇ ‘ਚ ਦਖ਼ਲ ਕਿਉਂ ਦਿੱਤਾ ਗਿਆ ਹੈ। ਫਿਰੋਜ਼ਪੁਰ ਵਾਸੀ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਖੇਤੀ ਸੁਧਾਰਾਂ ਵਾਲੇ ਉੱਚ ਪੱਧਰੀ ਕਮੇਟੀ ਦੇ ਮੁੱਦੇ ’ਤੇ ਝੂਠ ਫੈਲਾਅ ਰਹੇ ਹਨ।

ਉਨ੍ਹਾਂ ਕਿਹਾ ਕਿ ਆਰ. ਟੀ. ਆਈ. ਦੇ ਜਵਾਬ ‘ਚ ਦੋਹਾਂ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਿਨਾਂ ਕਿਸੇ ਨੂੰ ਪੁੱਛੇ ਇਨ੍ਹਾਂ ਕਾਨੂੰਨਾਂ ਨੂੰ ਅਮਲੀ ਜਾਮਾ ਪਾ ਦਿੱਤਾ, ਜਿਸ ਕਾਰਨ ਸਾਰਿਆਂ ਨੂੰ ਇਨ੍ਹਾਂ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੁੱਖ ਦੀ ਗੱਲ ਤਾਂ ਇਹ ਹੈ ਕਿ ‘ਠੰਡ ਕਾਰਨ ਹਰ ਦਿਨ ਅਸੀਂ ਆਪਣੇ ਕਿਸਾਨਾਂ ਦੀਆਂ ਜਾਨਾਂ ਗਵਾ ਰਹੇ ਹਾਂ ਅਤੇ ਹੁਣ ਤੱਕ ਤਕਰੀਬਨ 76 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।’ ਉਨ੍ਹਾਂ ਇਹ ਵੀ ਦੱਸਿਆ ਕਿ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤੇ ਜਾਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ।

Click to comment

Leave a Reply

Your email address will not be published. Required fields are marked *

Most Popular

To Top