ਕਿਸਾਨ ਪੀਐਮ ਮੋਦੀ ’ਤੇ ਵਰਣਗੇ ਮੋਦੀ ਦੀ ਤਕਨੀਕ, ‘ਮਨ ਕੀ ਬਾਤ’ ’ਤੇ ਹੋਵੇਗਾ ਐਕਸ਼ਨ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਮੋਰਚਾ ਹੁਣ ਸਿਖਰ ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਹ ਅੰਦੋਲਨ 25ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਦ ਤੱਕ ਨਵੇਂ ਪਾਸ ਕੀਤੇ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤਕ ਉਹਨਾਂ ਦੇ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਦੌਰਾਨ ਹਜ਼ਾਰਾਂ ਕਿਸਾਨਾਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕੀ ਉਹ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਦਾ ਵਿਰੋਧ ਕੌਮੀ ਪੱਧਰ ਤੇ ਕਰਨਗੇ।
ਉਨ੍ਹਾਂ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੇ ਪ੍ਰਸਾਰਣ ਵੇਲੇ ਕਿਸਾਨ ਖਾਲੀ ਥਾਲੀਆਂ ਖੜਕਾਉਣਗੇ। ਇਹ ਕਦਮ ਉਸੇ ਤਰਜ਼ ਤੇ ਪੁੱਟਿਆ ਗਿਆ ਹੈ ਜਿਸ ਤਰ੍ਹਾਂ ਕੋਵਿਡ ਦੌਰਾਨ ਡਕਾਟਰਾਂ ਤੇ ਹੋਰ ਕੋਰੋਨਾ ਯੋਧਿਆਂ ਦੀ ਇੱਕਮੁੱਠਤਾ ਪ੍ਰਗਟਾਉਣ ਲਈ ਕੀਤਾ ਗਿਆ ਸੀ।
ਇਸੇ ਦਰਮਿਆਨ ਸੋਮਵਾਰ ਤੋਂ ਕਿਸਾਨਾਂ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਦਾ ਸੱਦਾ ਦਿੱਤਾ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇੱਕ ਜਾਂ ਦੋ ਦਿਨਾਂ ਵਿੱਚ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕਰਨਗੇ।
ਸਰਕਾਰ ਗੱਲਬਾਤ ਲਈ ਦਰਵਾਜ਼ੇ ਖੁੱਲੇ ਰੱਖਣ ਤੋਂ ਇਲਾਵਾ ਸੁਪਰੀਮ ਕੋਰਟ ਮੁਤਾਬਕ ਕਮੇਟੀ ਗਠਿਤ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਕਮੇਟੀ ਲਈ ਮੈਂਬਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਦੇਰੀ ਸਿਰਫ ਇਸ ਲਈ ਹੋ ਰਹੀ ਹੈ ਕਿਉਂਕਿ ਪਿਛਲੀ ਸੁਣਵਾਈ ਵਿੱਚ ਕੋਈ ਵੀ ਕਿਸਾਨ ਜਥੇਬੰਦੀਆਂ ਵੱਲੋਂ ਨਹੀਂ ਆਇਆ ਸੀ। ਜਥੇਬੰਦੀਆਂ ਨੇ ਕਮੇਟੀ ਮੈਂਬਰਾਂ ਲਈ ਨਾਂ ਨਹੀਂ ਦਿੱਤੇ ਹਨ।
