ਕਿਸਾਨ ਲੀਡਰਾਂ ਤੇ ਸਰਕਾਰ ਵਿਚਾਲੇ ਅੱਜ ਹੋਵੇਗੀ ਅਹਿਮ ਬੈਠਕ, ਖੇਤੀਬਾੜੀ ਮੰਤਰੀ ਨੂੰ ਮਿਲੇਗਾ ਕਿਸਾਨਾਂ ਦਾ ਵਫ਼ਦ

ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ 1 ਦਸੰਬਰ ਨੂੰ ਬੈਠਕ ਹੋਈ ਸੀ ਪਰ ਉਸ ਬੈਠਕ ਵਿਚ ਵੀ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਇਸ ਕਾਰਨ ਕਿਸਾਨਾਂ ਨੇ ਕਿਹਾ ਕਿ ਉਹਨਾਂ ਦਾ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਇਹ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਇਸ ਬੈਠਕ ਵਿੱਚ ਕਿਸਾਨ ਜੱਥੇਬੰਦੀਆਂ ਦੇ 35 ਆਗੂਆਂ ਨੇ ਹਿੱਸਾ ਲਿਆ ਸੀ।

ਇਸ ਬੈਠਕ ਵਿੱਚ ਕੇਂਦਰ ਨੇ ਇਕ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ ਜਿਸ ਨੂੰ ਕਿਸਾਨ ਜੱਥੇਬੰਦੀਆਂ ਨੇ ਠੁਕਰਾ ਦਿੱਤਾ। ਹੁਣ 3 ਦਸੰਬਰ ਨੂੰ ਦੁਬਾਰਾ ਬੈਠਕ ਹੋਵੇਗੀ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਇਕ ਵਫ਼ਦ ਅੱਜ ਖੇਤੀ ਮੰਤਰੀ ਨੂੰ ਮਿਲੇਗਾ।
ਟਿਕੈਤ ਨੇ ਕਿਹਾ ਸਰਕਾਰ ਚਾਹੇ ਤਾਂ ਕਿਸਾਨਾਂ ਦੇ ਮੁੱਦਿਆਂ ਨੂੰ ਸੁਲਝਾ ਸਕਦੀ ਹੈ। ਉਨ੍ਹਾਂ ਕਿਹਾ ਦੇਸ਼ਭਰ ਦੇ ਸਾਰੇ ਕਿਸਾਨ ਸੰਗਠਨਾਂ ਨੂੰ ਅੰਦੋਲਨ ਦੇ ਲਈ ਸੜਕਾਂ ‘ਤੇ ਉੱਤਰਨਾ ਚਾਹੀਦਾ ਹੈ। ਕੇਂਦਰ ਸਰਕਾਰ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪ੍ਰਤੀਨਿਧੀਆਂ ਵਿਚਾਲੇ ਦੂਜੇ ਗੇੜ ਦੀ ਗੱਲਬਾਤ ਤੋਂ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਊਸ਼ ਗੋਇਲ ਨਾਲ ਬੈਠਕ ਕੀਤੀ।
ਤੋਮਰ, ਗੋਇਲ ਤੇ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੰਗਲਵਾਰ ਕਿਸਾਨ ਲੀਡਰਾਂ ਨਾਲ ਗੱਲਬਾਤ ਦੌਰਾਨ ਕੇਂਦਰ ਸਰਕਾਰ ਦੀ ਅਗਵਾਈ ਕੀਤੀ ਸੀ।
