ਕੇਂਦਰ ਦੇ ਹਵਾਲੇ ਹੋਇਆ ਚੰਡੀਗੜ੍ਹ, ਸਰਵਿਸ ਰੂਲਜ਼ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਹੁਣ ਕੇਂਦਰ ਦੇ ਹਵਾਲੇ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸੈਂਟਰਲ ਸਰਵਿਸ ਨਿਯਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ ਸੀ। ਪੰਜਾਬ ਵੱਲੋਂ ਇਸ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ।
ਬੀਤੇ ਦਿਨ ਵੀ ਲੋਕ ਸਭਾ ਵਿੱਚ ਪੰਜਾਬ ਦੇ ਕਈ ਸੰਸਦ ਮੈਂਬਰਾਂ ਨੇ ਇਹ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੀ ਮੰਗ ਕੀਤੀ ਸੀ ਪਰ ਕੇਂਦਰ ਵੱਲੋਂ ਬੀਤੀ ਰਾਤ ਨੂੰ ਇਹ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਇਹ ਨੋਟੀਫਿਕੇਸ਼ਨ ਇੱਕ 1 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਦੱਸ ਦਈਏ ਕਿ ਚੰਡੀਗੜ੍ਹ ਦੇ ਧਨਾਸ ਸਥਿਤ ਪੁਲਿਸ ਹਾਊਸਿੰਗ ਕੰਪਲੈਕਸ ਦੇ ਉਦਘਾਟਨ ਮੌਕੇ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਤੇ ਹੁਣ ਕੇਂਦਰੀ ਸੇਵਾ ਨਿਯਮ ਲਾਗੂ ਹੋਣਗੇ।


ਉਹਨਾਂ ਨੇ ਕਿਹਾ ਸੀ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਇਸ ਦਾ ਲਾਭ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ਨੂੰ ਮਿਲੇਗਾ। ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ ਹੁਣ 60 ਸਾਲ ਹੋਵੇਗੀ ਅਤੇ ਪ੍ਰੋਫੈਸਰ ਆਦਿ ਦੀ 65 ਹੋ ਜਾਵੇਗੀ। ਸਿੱਖਿਅਕਾਂ ਨੂੰ ਸਫ਼ਰ ਕਰਨ ਲਈ ਭੱਤਾ ਮਿਲੇਗਾ। ਮਹਿਲਾ ਮੁਲਾਜ਼ਮਾਂ ਨੂੰ ਚਾਈਲਡ ਕੇਅਰ ਲਈ 2 ਸਾਲ ਦੀ ਛੁੱਟੀ ਮਿਲੇਗੀ ਅਤੇ 12ਵੀਂ ਜਮਾਤ ਤੱਕ 2 ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਭੱਤਾ ਮਿਲੇਗਾ।
