ਸਿੰਘੂ ਬਾਰਡਰ ‘ਤੇ ਸ਼ਰਾਰਤੀ ਅਨਸਰਾਂ ਨੇ ਤਿੰਨ ਥਾਂ ਲਾਈ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ਦਿੱਲੀ ‘ਚ ਸਿੰਘੂ ਬਾਰਡਰ ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕਿਸਾਨਾਂ ਦੇ ਟੈਂਟਾਂ ਨੂੰ ਅੱਗ ਲਗਾ ਦਿੱਤੀ ਗਈ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਅੱਗ ਇੰਨੀ ਭਿਆਨਕ ਲੱਗੀ ਕਿ ਕਿਸਾਨਾਂ ਦੇ ਟੈਂਟ ਸੜ ਕੇ ਸੁਆਹ ਹੋ ਗਏ ਅਤੇ ਅਸਮਾਨ ‘ਚ ਧੂੰਆਂ ਹੀ ਧੂੰਆ ਫੈਲ ਗਿਆ।

ਇਸ ਸੰਬੰਧੀ ਜਦੋਂ ਪੰਜਾਬੀ ਲੋਕ ਚੈਨਲ ਦੇ ਪੱਤਰਕਾਰ ਮਨਵਿੰਦਰ ਟਿਵਾਣਾ ਨੇ ਕਿਸਾਨ ਆਗੂ ਬਲਦੇਵ ਸਿਰਸਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਇਲਜ਼ਾਮ ਲਾਇਆ ਕਿ ਕਿਸਾਨਾਂ ਦੇ ਟੈਂਟਾਂ ਨੂੰ ਕੁੱਝ ਲੋਕਾਂ ਵੱਲੋਂ ਸ਼ਰੇਆਮ ਅੱਗ ਲਗਾਈ ਗਈ ਹੈ ਅਤੇ ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਤੇ ਪੁਲਿਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਇਹ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਸਾਜਿਸ਼ ਰਚ ਰਹੀ ਹੈ। ਪ੍ਰਦਰਸ਼ਨਕਾਰੀ ਮਹਿਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਸੀਂ ਇਨ੍ਹਾਂ ਘਟਨਾਵਾਂ ਤੋਂ ਨਹੀਂ ਡਰਦੇ ਤੇ ਇਹ ਮੰਗਾਂ ਪੂਰੀਆਂ ਹੋਣ ਤੱਕ ਇਹ ਕਿਸਾਨ ਅੰਦੋਲਨ ਜਾਰੀ ਨਹੀਂ ਰਹੇਗਾ।
ਦੱਸ ਦਈਏ ਕਿ ਕਿਸਾਨ ਪਿਛਲੇ ਚਾਰ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਦੀ ਮੰਗ ਐ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਫਸਲਾਂ ‘ਤੇ ਐਮਐੱਸਪੀ ਦੇਵੇ। ਇਸੇ ਤਹਿਤ ਕਿਸਾਨ ਆਪਣੇ ਸੰਘਰਸ਼ ਨੂੰ ਦਿਨੋਂ ਦਿਨ ਤੇਜ਼ ਕਰ ਰਹੇ ਨੇ ਪਰ ਉੱਥੇ ਹੀ ਕੁੱਝ ਲੋਕਾਂ ਵੱਲੋਂ ਲਗਾਤਾਰ ਕਿਸਾਨ ਮੋਰਚੇ ਨੂੰ ਫੇਲ੍ਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
