ਕੈਪਟਨ ਨੇ ਕੋਰੋਨਾ ਕਹਿਰ ਨਾਲ ਨਜਿੱਠਣ ਲਈ ਸਤਿਸੰਗ ਬਿਆਸ ਤੋਂ ਮੰਗੀ ਮਦਦ

ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਰੋਨਾ ਵਿਰੁੱਧ ਲੜਾਈ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਮਦਦ ਮੰਗੀ ਹੈ। ਉਹਨਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿੱਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਹੁਕਮ ਦਿੱਤੇ ਹਨ।

ਉਹਨਾਂ ਨੇ ਸਤਿਸੰਗ ਬਿਆਸ ਦੇ ਮੁੱਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਚਿੱਠੀ ਲਿਖੀ ਹੈ। ਉਹਨਾਂ ਇਸ ਚਿੱਠੀ ਵਿੱਚ ਉਹਨਾਂ ਨੂੰ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲੱਬਧ ਕਰਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ।
ਨਾਲ ਹੀ ਉਹਨਾਂ ਨੇ ਸਤਿਸੰਗ ਦੇ ਮੁੱਖੀ ਨੂੰ ਸੂਬਾ ਭਰ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿੱਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮਿਸ਼ਨ ਫਤਹਿ ਤੇ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਸਮੇਂ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜੱਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ।
ਉਹਨਾਂ ਕਿਹਾ ਕਿ ਇਸ ਸਾਲ ਮਹਾਂਮਾਰੀ ਹੋਰ ਵੀ ਘਾਤਕ ਅਤੇ ਜਾਨਲੇਵਾ ਹੋ ਗਈ ਹੈ ਜਿਸ ਕਰ ਕੇ ਇਸ ਨਾਲ ਨਿਪਟਣ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ।
