ਕੈਬਨਿਟ ਬੈਠਕ ’ਚ ਹੋਣਗੇ ਵੱਡੇ ਫ਼ੈਸਲੇ, ਚਰਨਜੀਤ ਚੰਨੀ ਦਾ ਐਕਸ਼ਨ ਮੋਡ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਬਣਨ ਮਗਰੋਂ ਸਰਕਾਰ ਐਕਸ਼ਨ ਦੇ ਮੋਡ ਵਿੱਚ ਆ ਚੁੱਕੀ ਹੈ। ਮੁੱਖ ਮੰਤਰੀ ਚੰਨੀ ਨੇ ਨਵੀਂ ਕੈਬਨਿਟ ਦੀ ਪਲੇਠੀ ਮੀਟਿੰਗ ਬੁਲਾ ਲਈ ਹੈ। ਚਰਚਾ ਹੈ ਕਿ ਸਰਕਾਰ ਦਰਜਾ ਚਾਰ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਬਾਰੇ ਫੈਸਲਾ ਲੈ ਸਕਦੀ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਪਹਿਲਾਂ ਦਰਜਾ ਚਾਰ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਤੋਂ ਕਿਨਾਰਾ ਕਰ ਲਿਆ ਸੀ ਤੇ ਦਰਜਾ ਚਾਰ ਦੀ ਰੈਗੂਲਰ ਭਰਤੀ ਦੀ ਥਾਂ ਆਊਟ ਸੋਰਸਿੰਗ ਭਰਤੀ ਦਾ ਫੈਸਲਾ ਕੀਤਾ ਸੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ’ਚ ਸ਼ਾਮਲ 15 ਨਵੇਂ ਮੰਤਰੀਆਂ ਨੇ ਐਤਵਾਰ ਹਲਫ਼ ਲੈ ਲਿਆ ਹੈ।
ਨਵੀਂ ਕੈਬਨਿਟ ’ਚ ਸੱਤ ਨਵੇਂ ਚਿਹਰੇ ਸ਼ਾਮਲ ਹੋਏ ਹਨ ਜਦੋਂਕਿ ਪੰਜ ਪੁਰਾਣੇ ਵਜ਼ੀਰਾਂ ਦੀ ਛਾਂਟੀ ਹੋ ਗਈ ਹੈ। ਅਗਲੀਆਂ ਚੋਣਾਂ ਤੋਂ ਐਨ ਪਹਿਲਾਂ ਨਵੇਂ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਕੈਬਨਿਟ ਦਾ ਵਿਸਥਾਰ ਹੋਇਆ ਹੈ ਜਿਸ ’ਚ ਸਮਾਜਿਕ ਤੇ ਇਲਾਕਾਈ ਤਵਾਜ਼ਨ ਦਾ ਖਿਆਲ ਰੱਖਿਆ ਗਿਆ ਹੈ। ਨਵੀਂ ਕੈਬਨਿਟ ਲਈ 18 ਨੁਕਾਤੀ ਏਜੰਡਾ, ਚੋਣ ਵਾਅਦਿਆਂ ਦੀ ਪੂਰਤੀ ਨੂੰ ਸਿਰਫ਼ 90 ਦਿਨਾਂ ਵਿਚ ਪੂਰਾ ਕਰਨਾ ਇੱਕ ਵੱਡੀ ਚੁਣੌਤੀ ਹੋਵੇਗੀ।
ਸਰਕਾਰ ਨੂੰ ਹੁਣ ਮੁੱਦਿਆਂ ਨੂੰ ਹਕੀਕਤ ਬਣਾਉਣ ਲਈ ਦਲੇਰਾਨਾ ਤੇ ਫੁਰਤੀ ਵਾਲੇ ਫੈਸਲੇ ਲੈਣੇ ਪੈਣਗੇ। ਨਵੀਂ ਕੈਬਨਿਟ ਲਈ ਇਹ ਵੀ ਚੁਣੌਤੀ ਹੋਵੇਗਾ ਕਿ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ’ਚ ਜੋ ਵਕਤ ਅਜਾਈਂ ਚਲਾ ਗਿਆ ਹੈ, ਉਸ ਦੀ ਭਰਪਾਈ ਵੀ ਕਰਨੀ ਹੋਵੇਗੀ। ਮੁਲਾਜ਼ਮਾਂ ਨੇ ਵੀ ਸਰਕਾਰ ਖਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਅਧਿਆਪਕ ਵੀ ਇਸੇ ਰਾਹ ਤੇ ਹਨ। ਮੁਲਾਜ਼ਮਾਂ ਦਾ ਸੰਘਰਸ਼ ਮੁੱਖ ਮੰਤਰੀ ਲਈ ਵੱਡੀ ਚੁਣੌਤੀ ਸਾਬਤ ਹੋ ਸਕਦੀ ਹੈ।
