ਕੈਬਨਿਟ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਲੈਕਚਰਾਰਾਂ ਦੀਆਂ ਖਾਲੀ ਅਸਾਮੀਆਂ ਲਈ ਕੀਤੀ ਜਾਵੇਗੀ ਭਰਤੀ

 ਕੈਬਨਿਟ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਲੈਕਚਰਾਰਾਂ ਦੀਆਂ ਖਾਲੀ ਅਸਾਮੀਆਂ ਲਈ ਕੀਤੀ ਜਾਵੇਗੀ ਭਰਤੀ

ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕੈਬਨਿਟ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਦੇ ਨਵੇਂ ਭਾਅ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਪ੍ਰਤੀ ਕੁਇੰਟਲ 380 ਰੁਪਏ ਦਿੱਤੇ ਜਾਣਗੇ, ਜੋ ਕੇ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਭਾਅ ਹੈ।

Image

ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ 20 ਤਰੀਕ ਤੋਂ ਗੰਨਾ ਮਿੱਲਾਂ ਸ਼ੁਰੂ ਹੋ ਜਾਣਗੀਆਂ। ਸਰਕਾਰੀ ਕਾਲਜਾਂ ਵਿੱਚ 645 ਲੈਕਚਰਾਰਾਂ ਦੀਆਂ ਖਾਲੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। 16 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਇਹਨਾਂ ਦੀ ਉਮਰ ਹੱਦ ਪਹਿਲਾਂ 45 ਸਾਲ ਸੀ, ਜਿਸ ਨੂੰ ਵਧਾ ਕੇ 53 ਸਾਲ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਧਰਨਾ ਲਾਉਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਰੋਡ ‘ਤੇ ਧਰਨੇ ਲਾ ਕੇ ਆਮ ਜਨਤਾ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਝੋਨੇ ਦੀ ਸਿੱਧੀ ਬਿਜਾਈ ਲਈ 24.83 ਕਰੋੜ ਰੁਪਏ ਸਿੱਧਾ ਕਿਸਾਨਾਂ ਦੇ ਖ਼ਾਤਿਆਂ ‘ਚ ਪਾਏ ਗਏ ਹਨ, ਇਸ ਨਾਲ 29 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ।

ਝੋਨੇ ਦੀ ਬਿਜਾਈ ਦੌਰਾਨ ਇਸ ਵਾਰ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਗਈ ਹੈ। ਪੰਜਾਬ ‘ਚ ਫ਼ਸਲਾਂ ਦੇ ਖ਼ਰਾਬੇ ਲਈ 7 ਮਹੀਨਿਆਂ ਦੌਰਾਨ 80 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 624 ਪਰਿਵਾਰਾਂ ਨੂੰ 5-5 ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ।

ਇਸ ਦੇ ਨਾਲ ਹੀ 326 ਪਰਿਵਾਰਾਂ ਨੂੰ ਨੌਕਰੀ ਵੀ ਮਿਲ ਗਈ ਹੈ। ਇਸ ਵਾਰ ਝੋਨੇ ਦੀ ਚੁਕਾਈ ਵੇਲੇ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਝੋਨੇ ਦੀ ਪੇਮੈਂਟ 24 ਘੰਟਿਆਂ ਅੰਦਰ ਕੀਤੀ ਗਈ ਹੈ। ਇਸ ਵਾਰ ਕਿਸੇ ਵੀ ਮੰਡੀ ‘ਚ ਕੋਈ ਹੜਤਾਲ ਨਹੀਂ ਹੋਈ ਅਤੇ ਨਾ ਹੀ ਬਾਰਦਾਨੇ ਦੀ ਘਾਟ ਵਰਗੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਈ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝਾੜ ਪਾਈ ਹੈ। ਉਨ੍ਹਾਂ ਕਿਹਾ ਹੈ ਕਿ ਗੱਲ-ਗੱਲ ‘ਤੇ ਧਰਨੇ ਲਾਉਣ ਦਾ ਰਿਵਾਜ ਹੀ ਹੋ ਗਿਆ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਧਰਨਿਆਂ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਸੜਕਾਂ ‘ਤੇ ਧਰਨੇ ਲਾਉਣ ਦੀ ਬਜਾਏ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਧਰਨੇ ਲਗਾਏ ਜਾਣ।

 

Leave a Reply

Your email address will not be published.