ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਨਹੀਂ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ, ਮੰਤਰੀ ਨੇ ਦਿੱਤਾ ਵੱਡਾ ਬਿਆਨ

 ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਨਹੀਂ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ, ਮੰਤਰੀ ਨੇ ਦਿੱਤਾ ਵੱਡਾ ਬਿਆਨ

ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੂੰ ਯੂਰਪ ਦੇ ਅਧਿਕਾਰਤ ਦੌਰੇ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਮਨ ਅਰੋੜਾ ਨੇ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਿੱਚ ਨਵੀਂ ਨਵਿਆਉਣਯੋਗ ਊਰਜਾ ਅਤੇ ਗ੍ਰੀਨ ਹਾਈਡ੍ਰੋਜਨ ਬਾਰੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ।

ਦਰਅਸਲ ਵਿਦੇਸ਼ ਮੰਤਰਾਲੇ ਨੇ ਅਮਨ ਅਰੋੜਾ ਦਾ ਨਾਂ ਇਸ ਦੌਰੇ ਤੇ ਆਉਣ ਵਾਲਿਆਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਹੈ, ਜਦਕਿ ਕੇਂਦਰ ਸਰਕਾਰ ਦੇ ਵਿੱਤ ਅਤੇ ਆਰਥਿਕ ਵਿਭਾਗ ਦੇ ਪੱਤਰ ਵਿੱਚ ਅਮਨ ਅਰੋੜਾ ਦਾ ਨਾਂ ਜਰਮਨੀ ਦਾ ਦੌਰਾ ਕਰਨ ਵਾਲੇ ਪੈਨਲ ਵਿੱਚ 12ਵੇਂ ਨੰਬਰ ਤੇ ਸੀ। ਵਿਦੇਸ਼ ਮੰਤਰਾਲੇ ਨੇ 13 ਲੋਕਾਂ ਦੀ ਸੂਚੀ ਵਿੱਚ ਅਮਨ ਅਰੋੜਾ ਨੂੰ ਛੱਡ ਕੇ ਬਾਕੀ ਸਾਰੇ ਲੋਕਾਂ ਦੇ ਨਾਵਾਂ ਨੂੰ ਕਲੀਅਰ ਕਰ ਦਿੱਤਾ ਹੈ। ਉਹਨਾਂ ਇਲਜ਼ਾਮ ਲਾਇਆ ਕਿ ਉਹਨਾਂ ਦਾ ਦੌਰਾ ਸਿਆਸੀ ਕਾਰਨਾਂ ਕਰਕੇ ਰੋਕਿਆ ਗਿਆ ਹੈ।

ਉਹਨਾਂ ਕਿਹਾ ਕਿ ਪਰਾਲੀ ਦਾ ਹੱਲ ਲੱਭਣ ਲਈ ਇਹ ਪ੍ਰੋਗਰਾਮ ਕਾਰਗਰ ਸਾਬਤ ਹੋ ਸਕਦਾ ਸੀ। ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਕਰਨ। ਉਹਨਾਂ ਕਿਹਾ ਕਿ ਇਸ ਯਾਤਰਾ ਤੇ ਨਾ ਤਾਂ ਪੰਜਾਬ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਨੇ ਇੱਕ ਪੈਸਾ ਵੀ ਖਰਚ ਕਰਨਾ ਹੈ।

ਉਹਨਾਂ ਭਾਜਪਾ ਤੇ ਹਮਲਾ ਬੋਲਦਿਆਂ ਕਿਹਾ ਕਿ, ਦਿੱਲੀ ਤੋਂ ਬਾਅਦ ਕੇਂਦਰ ਸਰਕਾਰ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਡਰ ਰਹੀ ਹੈ। ਪਰਾਲੀ ਦੇ ਪ੍ਰਦੂਸ਼ਣ ਤੇ ਕੇਂਦਰ ਪੰਜਾਬ ਨੂੰ ਕੋਸਦਾ ਜ਼ਰੂਰ ਹੈ ਪਰ ਜਿਸ ਅਧਿਐਨ ਦੌਰੇ ਤੋਂ ਇਸ ਦਾ ਹੱਲ ਲੱਭਣਾ ਸੀ, ਉਸ ਨੂੰ ਮਨਜ਼ੂਰੀ ਨਾ ਦੇਣਾ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੱਕੀ ਮਾਨਸਿਕਤਾ ਦੀ ਮਿਸਾਲ ਹੈ।

ਦੱਸ ਦਈਏ ਕਿ ਅਮਨ ਅਰੋੜਾ ਨੇ 24 ਅਕਤੂਬਰ ਤੋਂ 2 ਅਕਤੂਬਰ ਤੱਕ ਗ੍ਰੀਨ ਹਾਈਡ੍ਰੋਜਨ ਬਾਰੇ ਗਿਆਨ ਸਾਂਝਾ ਕਰਨ ਦੇ ਇਸ ਟੂਰ ਤੇ ਬੈਲਜੀਅਮ, ਨੀਦਰਲੈਂਡ ਅਤੇ ਜਰਮਨੀ ਜਾਣਾ ਸੀ। ਬਾਕੀ ਜਿਹੜੇ ਰਾਜਾਂ ਦੇ ਨੁਮਾਇੰਦਿਆਂ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਆਗਿਆ ਮੰਗੀ ਸੀ, ਉਹਨਾਂ ਸਾਰਿਆਂ ਨੂੰ ਦੇ ਦਿੱਤੀ ਗਈ ਹੈ।

Leave a Reply

Your email address will not be published.