ਮੋਗਾ: ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਜਰੀਏ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ ਪਰ ਕੁਝ ਲੋਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਛਿੱਕੇ ਟੰਗ ਕੇ ਸ਼ਰੇਆਮ ਇਸ ਦੀਆਂ ਧੱਜੀਆਂ ਉਡਾਉਂਦੇ ਹਨ।
ਅਜਿਹੇ ਲੋਕਾਂ ਨੂੰ ਸਬਕ ਸਿਖਾਉਣ ਲਈ ਅੱਜ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ‘ਤੇ ਪੁਲਿਸ ਵਲੋਂ ਮੋਗਾ ਸ਼ਹਿਰ ‘ਚ ਥਾਂ-ਥਾਂ ਤੇ ਨਾਕਾਬੰਦੀ ਕੀਤੀ ਗਈ ਤਾਂ ਜੋ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਨੂੰ ਸਬਕ ਸਿਖਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਇਸੇ ਤਹਿਤ ਅੱਜ ਸ਼ਹਿਰ ਦੇ ਦੇਵ ਹੋਟਲ ਕੋਲ ਏ.ਐੱਸ.ਆਈ ਜਸਵੀਰ ਸਿੰਘ ਦੀ ਅਗਵਾਈ ਵਿਚ ਲੱਗੇ ਨਾਕੇ ਦੌਰਾਨ ਜਿਥੇ ਏ.ਐਸ.ਆਈ ਜਸਵੀਰ ਸਿੰਘ ਵਲੋਂ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਚਲਾਨ ਕੱਟੇ ਗਏ, ਉਥੇ ਹੀ ਉਨ੍ਹਾਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਦੱਸ ਕੇ ਜਾਗਰੂਕ ਕੀਤਾ ਅਤੇ ਬਿਨਾਂ ਮਾਸਕ ਵਾਲਿਆਂ ਨੂੰ ਉਨ੍ਹਾਂ ਮਾਸਕ ਵੀ ਮੁਹੱਈਆ ਕਰਵਾਏ।
ਏ.ਐੱਸ.ਆਈ ਜਸਵੀਰ ਸਿੰਘ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਦੇ ਕੁੱਝ ਅਧਿਕਾਰੀ ਅਤੇ ਮੁਲਾਜ਼ਮ ਵੀ ਡਿਊਟੀ ਦੌਰਾਨ ਇਸ ਬਿਮਾਰੀ ਦੀ ਚਪੇਟ ‘ਚ ਆ ਗਏ ਪਰ ਲੋਕ ਨਹੀਂ ਸਮਝੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਸੁਰੱਖਿਆ ਦੇ ਨਾਲ-ਨਾਲ ਆਪਣੇ ਪਰਿਵਾਰ ਦਾ ਵੀ ਫ਼ਿਕਰ ਕਰਦੇ ਹੋਏ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਬਚਾਅ ਵਿਚ ਹੀ ਬਚਾਅ ਹੈ। ਦਸ ਦਈਏ ਕਿ ਪੰਜਾਬ ਵਿਚ ਕੋਰੋਨਾ ਦਾ ਕਹਿਰ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਕਾਰਨ ਸਰਕਾਰ ਵੀ ਸਮੇਂ-ਸਮੇਂ ਤੇ ਨਵੀਆਂ ਹਦਾਇਤਾਂ ਜਾਰੀ ਕਰ ਕੇ ਲੋਕਾਂ ਨੂੰ ਜਾਗਰੂਕ ਕਰਦੀ ਰਹਿੰਦੀ ਹੈ।
