ਖੇਤੀ ਕਾਨੂੰਨਾਂ ਖਿਲਾਫ ਅੱਜ ਕਿਸਾਨਾਂ ਦਾ ਵੱਡਾ ਐਕਸ਼ਨ, ਦਿੱਲੀ ਪੁਲਿਸ ਅਲਰਟ

ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨਾਂ ਖਿਲਾਫ਼ ਅੱਜ 26 ਮਈ ਨੂੰ ਪੂਰੇ ਦੇਸ਼ ਵਿੱਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ। ਅੱਜ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋ ਗਏ ਹਨ। ਕਿਸਾਨਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੰਘਰਸ਼ ਦਾ ਸਮਰਥਨ ਕਰਨ ਤੇ ਅਪਣੇ ਘਰਾਂ ਵਾਹਨਾਂ ਤੇ ਕਾਲੇ ਝੰਡੇ ਲਾਉਣ। ਇਸ ਦੇ ਨਾਲ ਹੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

ਕਿਸਾਨਾਂ ਦੀ ਇਸ ਅਪੀਲ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੀ ਅਲਰਟ ਹੋ ਗਈ ਹੈ।ਓਧਰ ਦੇਸ਼ ਦੇ 14 ਪ੍ਰਮੁੱਖ ਵਿਰੋਧੀ ਦਲਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੱਦੇ ਦੇਸ਼-ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਇਨ੍ਹਾਂ ‘ਚ ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵਸੇਨਾ, ਡੀਐਮਕੇ, ਝਾਮੁਮੋ, ਜੇਕੇਪੀਏ, ਸਪਾ, ਬੀਐਸਪੀ, ਆਰਜੇਡੀ, ਸੀਪੀਆਈ, ਸੀਪੀਐਮ ਤੇ ਆਮ ਆਦਮੀ ਪਾਰਟੀ ਵੀ ਹੈ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਵਾਰਤਾ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ। ਦਿੱਲੀ ਪੁਲਿਸ ਦੇ ਬੁਲਾਰੇ ਚਿਨਮਯ ਬਿਸਵਾਲ ਨੇ ਕਿਹਾ, ‘ਅਸੀਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਤਰ੍ਹਾਂ ਕੋਰੋਨਾ ‘ਚ ਦੁਰਦਸ਼ਾ ਹੋਈ ਤੇ ਲੋਕਾਂ ਦੀ ਜਾਨ ਗਈ ਹੈ ਇਸ ਲਈ ਕੋਈ ਪ੍ਰੋਗਰਾਮ ਕਰਨ ਜਾਂ ਭੀੜ ਇਕੱਠੀ ਕਰਨ ਦੀ ਸਥਿਤੀ ਫਿਰ ਤੋਂ ਪੈਦਾ ਨਾ ਹੋਵੇ।
ਪ੍ਰਦਰਸ਼ਨ ਕਰਨ ਜਾਂ ਲੋਕਾਂ ਦੇ ਇਕੱਠ ਦੀ ਇਜਾਜ਼ਤ ਨਹੀਂ ਹੈ।’ ਦੱਸ ਦਈਏ ਕਿ 26 ਨਵੰਬਰ 2020 ਨੂੰ ਪੰਜਾਬ ਅਤੇ ਹੋਰ ਵੱਖ-ਵੱਖ ਸੂਬਿਆਂ ਤੋਂ ਦਿੱਲੀ ਵੱਲ ਚੱਲਿਆ ਕਿਸਾਨਾਂ ਦਾ ਕਾਫ਼ਿਲਾ। ਕਾਫੀ ਮੁਸ਼ਕਲਾਂ, ਪਰੇਸ਼ਾਨੀਆਂ ਨੂੰ ਝੱਲਦਾ ਹੋਏ ਕਿਸਾਨ ਆਖ਼ਰਕਾਰ ਦਿੱਲੀ ਪੁੱਜੇ। ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨ ਅੰਦੋਲਨ ਨੂੰ ਅੱਜ ਯਾਨੀ ਕਿ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ ਹਨ।
ਪਹਿਲਾਂ ਸਰਦੀ ਤੇ ਹੁਣ ਗਰਮੀ ਦੇ ਇਸ ਮੌਸਮ ਦੇ ਮਾਰ ਦੇ ਨਾਲ-ਨਾਲ ਕੋਰੋਨਾ ਕਾਲ ਦੇ ਇਸ ਦੌਰ ’ਚ ਵੀ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਡਟੇ ਹੋਏ ਹਨ। ਕਿਸਾਨਾਂ ਦਾ ਦਿੱਲੀ ਕੂਚ ਕਰਨ ਦਾ ਮਕਸਦ ਸਿਰਫ ਇੰਨਾ ਹੈ ਕਿ ਕੇਂਦਰ ਸਰਕਾਰ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ, ਜਿਸ ਦੀ ਵਜ੍ਹਾ ਕਰ ਕੇ ਉਹ ਅੱਜ ਵੀ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਨਹੀਂ ਝੁੱਕੇਗੀ, ਅਸੀਂ ਘਰ ਵਾਪਸੀ ਨਹੀਂ ਕਰਾਂਗੇ।
