ਖੇਤੀ ਕਾਨੂੰਨਾਂ ਦੇ ਹੱਕ ’ਚ ਭੁਗਤੇ ਰੱਖਿਆ ਮੰਤਰੀ, ਕਿਸਾਨਾਂ ਨਾਲ ਗੱਲਬਾਤ ਲਈ ਤਿਆਰ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕੇਂਦਰ ਦੇ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਦਾ ਇੱਕ ਵਾਰ ਫਿਰ ਸਮਰਥਨ ਕੀਤਾ ਹੈ। ਉਹਨਾਂ ਕਿਹਾ ਕਿ, “ਕਿਸਾਨਾਂ ਨੂੰ ਲਗਦਾ ਹੈ ਕਿ ਇਹਨਾਂ ਕਾਨੂੰਨਾਂ ਵਿੱਚ ਕਮੀਆਂ ਹਨ ਤਾਂ ਉਹ ਕਿਸਾਨਾਂ ਨਾਲ ਗੱਲਬਾਤ ਜ਼ਰੂਰ ਕਰਨਗੇ। ਖੇਤੀ ਕਾਨੂੰਨਾਂ ਨੂੰ ਚੰਗੀ ਤਰ੍ਹਾਂ ਸਮਝਣ ਦੀ ਲੋੜ ਹੈ ਪਰ ਵਿਰੋਧੀ ਧਿਰ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਉਕਸਾ ਰਹੀ ਹੈ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।”

ਉਹਨਾਂ ਅੱਗੇ ਕਿਹਾ ਕਿ, “ਵਿਰੋਧ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ। ਮੁੱਖ ਰੂਪ ਤੋਂ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਨਵੰਬਰ ਦੇ ਅਖੀਰ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਤੇ ਡੇਰੇ ਲਾ ਵਿਰੋਧ ਕਰ ਰਹੇ ਹਨ।” ਵੀਰਵਾਰ ਨੂੰ ਆਨਲਾਈਨ ਵਿਧੀ ਰਾਹੀਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਅਧੀਨ ਰਾਜ ਪੱਧਰੀ ਅੰਨਪੂਰਣਾ ਪ੍ਰੋਗਰਾਮ ਲਈ ਇਕੱਠ ਨੂੰ ਸੰਬੋਧਨ ਕਰਦਿਆਂ, ਰੱਖਿਆ ਮੰਤਰੀ ਨੇ ਕਿਸਾਨਾਂ ਦੀ ਭਲਾਈ ਲਈ ਕਦਮ ਚੁੱਕਣ ਲਈ ਨਰਿੰਦਰ ਮੋਦੀ ਸਰਕਾਰ ਦੀ ਸ਼ਲਾਘਾ ਵੀ ਕੀਤੀ।
ਕਿਸਾਨੀ ਨੂੰ ਲੈ ਕੇ ਮੋਦੀ ਸਰਕਾਰ ਦੇ ਫ਼ੈਸਲਿਆਂ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ, “ਘੱਟੋ ਘੱਟ ਸਮਰਥਨ ਮੁੱਲ ਨੂੰ ਡੇਢ ਗੁਣਾ ਵਧਾਇਆ ਗਿਆ ਹੈ ਅਤੇ ਛੋਟੇ ਕਿਸਾਨਾਂ ਨੂੰ ਸਸਤੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ।” ਰਾਜਨਾਥ ਸਿੰਘ ਨੇ ਕਿਹਾ ਕਿ, “1.50 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਗਈ ਹੈ।”
