Uncategorized

ਖੇਤੀ ਬਿੱਲਾਂ ’ਤੇ ਯੂ ਟਰਨ ਲੈਣ ਦੀ ਆਪ ਅਤੇ ਅਕਾਲੀ ਦਲ ਨੇ ਦੱਸੀ ਵਜ੍ਹਾ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਪਹਿਲਾਂ ਹੀ ਲੋਕਾਂ ਦਾ ਗੁੱਸਾ ਠੰਡਾ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਕੈਪਟਨ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਵਿਰੋਧੀਆਂ ਵੱਲੋਂ ਕਈ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀ ਪਾਰਟੀਆਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖੇ ਹਮਲੇ ਕਰ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਉੱਤੇ ਕਿਸਾਨਾਂ ਦੇ ਹਿਤਾਂ ਨੂੰ ਅੱਖੋਂ ਪ੍ਰੋਖੇ ਕਰਨ ਤੇ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ‘ਫ਼ਿਕਸਡ ਗੇਮ’ ਹੈ।

ਵਿਧਾਨ ਸਭਾ ਅੰਦਰ ਦੋਵੇਂ ਵਿਰੋਧੀ ਧਿਰਾਂ ਨੇ ਕੈਪਟਨ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਦੀ ਡਟ ਕੇ ਹਮਾਇਤ ਕੀਤੀ ਸੀ। ਹੋਰ ਤਾਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਕੈਪਟਨ ਦੀ ਅਗਵਾਈ ਹੇਠ ਰਾਜਪਾਲ ਨੂੰ ਵੀ ਮਿਲੇ ਸੀ। ਇਸ ਦੇ ਨਾਲ ਹੀ ਸਾਰੇ ਵਿਧਾਇਕਾਂ ਨੇ ਰਾਸ਼ਟਰਪਤੀ ਨੂੰ ਮਿਲਣ ਦੀ ਗੱਲ ਵੀ ਕਹੀ ਸੀ।

ਇਸ ਮਗਰੋਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਯੂ-ਟਰਨ ਲੈ ਲਿਆ। ਇਸ ਕਰਕੇ ਕੈਪਟਨ ਨੇ ਸਦਨ ਵਿੱਚ ਦੋਵੇਂ ਵਿਰੋਧੀ ਧਿਰਾਂ ਉੱਪਰ ਦੋਗਲੋਪਣ ਦਾ ਵੀ ਇਲਜ਼ਾਮ ਲਾਇਆ ਸੀ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਜਿਹੜੇ ਬਿੱਲ ਪਾਸ ਕਰਵਾਏ ਹਨ, ਉਨ੍ਹਾਂ ਨਾਲ ਕਿਸਾਨਾਂ ਨੂੰ ਕੋਈ ਸੁਰੱਖਿਆ ਨਹੀਂ ਮਲੇਗੀ।

ਕਿਸਾਨਾਂ ਨੂੰ ਸੁਰੱਖਿਆ ਤਦ ਹੀ ਮਿਲ ਸਕਦੀ ਸੀ, ਜੇ ਪੰਜਾਬ ਨੂੰ ਇੱਕ ਮੰਡੀ ਬਣਾ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨੂੰ ਧੋਖਾ ਦਿੱਤਾ ਹੈ। ਕੈਪਟਨ ਸਾਲ 2004 ’ਚ ‘ਪੰਜਾਬ ਟਰਮੀਨੇਸ਼ਨ ਆਫ਼ ਐਗ੍ਰੀਮੈਂਟ ਐਕਟ’ ਲਿਆਏ ਸਨ ਪਰ ਪੰਜਾਬ ਨੂੰ ਉਸ ਦਾ ਕੋਈ ਫ਼ਾਇਦਾ ਨਹੀਂ ਹੋਇਆ।

ਸੁਖਬੀਰ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਉੱਤੇ ਕਿਤੇ ਵੀ ਇਹ ਜ਼ਿਕਰ ਨਹੀਂ ਕੀਤਾ ਗਿਆ ਕਿ ਪੰਜਾਬ ਵਿੱਚ ਐਮਐਸਪੀ ਉੱਤੇ ਫ਼ਸਲਾਂ ਦੀ ਖਰੀਦ ਹੋਵੇਗੀ। ਉਹਨਾਂ ਨੇ ਦਾਅਵਾ ਕੀਤਾ ਕਿ ਖੇਤੀ ਬਿੱਲਾਂ ਦੇ ਮੁੱਦੇ ਤੇ ਕੈਪਟਨ ਨੇ ਅਪਣੇ ਮੰਤਰੀਆਂ ਤਕ ਨੂੰ ਭਰੋਸੇ ਵਿੱਚ ਨਹੀਂ ਲਿਆ ਕਿਉਂ ਕਿ ਉਹਨਾਂ ਨੂੰ ਪਤਾ ਹੈ ਕਿ ਇਹਨਾਂ ਬਿੱਲਾਂ ਨੂੰ ਨਾ ਤਾਂ ਕੇਂਦਰ ਸਰਕਾਰ ਪ੍ਰਵਾਨ ਕਰੇਗੀ ਤੇ ਨਾ ਹੀ ਰਾਸ਼ਟਰਪਤੀ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਕੈਪਟਨ ਅਮਰਿੰਦਰ ਸਿੰਘ ਉੱਤੇ ਦੋਸ਼ ਲਾਇਆ ਹੈ ਕਿ ਉਹ ਖੇਤੀ ਬਿੱਲਾਂ ਦੇ ਨਾਂ ਉੱਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਕਾਨੂੰਨਾਂ ਵਿੱਚ ਜੇ ਦਮ ਹੁੰਦਾ, ਤਾਂ ਪੰਜਾਬ ਸਰਕਾਰ ਇਨ੍ਹਾਂ ਬਿੱਲਾਂ ਵਿੱਚ ਨਰਮਾ, ਕਪਾਹ ਸਮੇਤ ਹੋਰ MSP ਵਾਲੀਆਂ ਫ਼ਸਲਾਂ ਵੀ ਸ਼ਾਮਲ ਕਰਦੀ। ਮਾਨ ਨੇ ਅੱਗੇ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਸੰਸਦ ਵਿੱਚ ਪਾਸ ਕਾਨੂੰਨਾਂ ਨੂੰ ਲੈ ਕੇ ਵਿਧਾਨ ਸਭਾ ’ਚ ਬਿੱਲ ਲਿਆ ਕੇ ਨਾਟਕ ਕਰ ਰਹੇ ਹਨ, ਜਦ ਕਿ ਦੂਜੇ ਪਾਸੇ ਪੰਜਾਬ ਦੀਆਂ ਮੰਡੀਆਂ ਵਿੱਚ ਨਰਮੇ ਤੇ ਮੱਕੀ ਦੀਆਂ ਫ਼ਸਲਾਂ ਲਗਪਗ ਇੱਕ-ਇੱਕ ਹਜ਼ਾਰ ਰੁਪਏ ਘੱਟ ਕੀਮਤ ਉੱਤੇ ਵਿਕ ਰਹੀਆਂ ਹਨ।

ਨਰਮੇ ਦੀ ਕੀਮਤ 5,745 ਰੁਪਏ ਫ਼ੀ ਕੁਇੰਟਲ ਹੈ ਤੇ ਮੱਕੀ ਦੀ 1,870 ਰੁਪਏ ਫ਼ੀ ਕੁਇੰਟਲ। ਕਿਸਾਨਾਂ ਨੂੰ ਇਨ੍ਹਾਂ ਫ਼ਸਲਾਂ ਦੀ ਤੈਅਸ਼ੁਦਾ ਕੀਮਤ ਨਾ ਮਿਲਣ ਨੂੰ ਕੈਪਟਨ ਅਮਰਿੰਦਰ ਸਿੰਘ ਅੱਖੋਂ ਪ੍ਰੋਖੇ ਕਰ ਰਹੇ ਹਨ। ਭਗਵੰਤ ਮਾਨ ਨੇ ਸੁਆਲ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨੂੰ ‘ਹਾਂ’ ਜਾਂ ‘ਨਾਂਹ’ ਵਿੱਚ ਦੱਸਣ ਕਿ ਕੀ ਵਿਧਾਨ ਸਭਾ ਵਿੱਚ ਕੇਂਦਰੀ ਕਾਨੂੰਨਾਂ ਵਿੱਚ ਸੋਧ ਕੀਤੀ ਜਾ ਸਕਦੀ ਹੈ?

ਕੀ ਇਨ੍ਹਾਂ ਕਾਨੂੰਨਾਂ ਉੱਤੇ ਰਾਜਪਾਲ ਤੇ ਰਾਸ਼ਟਰਪਤੀ ਹਸਤਾਖਰ ਕਰਨਗੇ? ਕੀ ਇਹ ਕਾਨੂੰਨ ਪੰਜਾਬ ਦੇ ਕਿਸਾਨ ਦੀ ਕਣਕ ਤੇ ਝੋਨੇ ਦੀ ਫ਼ਸਲ ਨੂੰ MSP ਉੱਤੇ ਯਕੀਨੀ ਤੌਰ ਉੱਤੇ ਖ਼ਰੀਦੇ ਜਾਣ ਦੀ ਗਰੰਟੀ ਦਿੰਦੇ ਹਨ? ਉਹਨਾਂ ਕਿਹਾ ਕਿ ਜਦੋਂ ਤਕ ਪੰਜਾਬ ਸਰਕਾਰ ਅਪਣੇ ਦਮ ਤੇ ਸੂਬੇ ਵਿੱਚ ਐਮਐਸਪੀ ਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਵਾਲਾ ਅਪਣਾ ਕਾਨੂੰਨ ਨਹੀਂ ਲਿਆਉਂਦੀ ਤਦ ਤਕ ਕਿਸਾਨਾਂ ਨੂੰ ਮੋਦੀ ਸਰਕਾਰ ਵਾਂਗ ਕੈਪਟਨ ਸਰਕਾਰ ਤੋਂ ਵੀ ਇਨਸਾਫ਼ ਨਹੀਂ ਮਿਲ ਸਕਦਾ।  

Click to comment

Leave a Reply

Your email address will not be published. Required fields are marked *

Most Popular

To Top