ਖੇਤੀ ਮੰਤਰੀ ਤੇ ਹਰਿਆਣਾ ਸੀਐਮ ਦੀ ਹੋਈ ਬੈਠਕ, ਕਿਸਾਨ ਅੰਦੋਲਨ ਨੂੰ ਲੈ ਕੇ ਕਹੀ ਇਹ ਗੱਲ

ਦਿੱਲੀ ਵਿੱਚ ਸਿੰਘੂ ਬਾਰਡਰ ਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਅੰਦੋਲਨ ਕਰ ਰਹੀਆਂ ਹਨ। ਅੱਜ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਸੀ ਜਿਸ ਦਾ ਅਸਰ ਕਈ ਸੂਬਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਦੇਸ਼ ਦੀਆਂ ਕਈ ਵੱਡੀਆਂ ਸਿਆਸੀ ਪਾਰਟੀਆਂ ਵੀ ਨਾਲ ਖੜ੍ਹੀਆਂ ਦਿਸ ਰਹੀਆਂ ਹਨ।

ਇਸੇ ਕੜੀ ਤਹਿਤ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮਿਲਣ ਲਈ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟੜ ਉਹਨਾਂ ਦੇ ਘਰ ਪਹੁੰਚੇ। ਕਿਸਾਨ ਅੰਦੋਲਨ ਨੂੰ ਲੈ ਕੇ ਨਰਿੰਦਰ ਸਿੰਘ ਤੋਮਰ ਅਤੇ ਮਨੋਹਰ ਲਾਲ ਖੱਟੜ ਵਿਚਕਾਰ ਗੱਲਬਾਤ ਹੋਈ।
ਦਸ ਦਈਏ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ-ਯੂਪੀ ਬਾਰਡਰ ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਈ ਸੂਬਿਆਂ ਵਿੱਚ ਵਿਰੋਧੀ ਪਾਰਟੀਆਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਨਾਲ ਹੀ ਕਈ ਥਾਵਾਂ ਤੇ ਰੇਲ ਆਵਾਜਾਈ ਰੋਕ ਕੇ ਚੱਕਾ ਜਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।
ਪੱਛਮੀ ਬੰਗਾਲ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ ਲੈਫਟ ਪਾਰਟੀਆਂ ਦੇ ਵਰਕਰਾਂ ਨੇ ਟ੍ਰੇਨਾਂ ਰੋਕ ਦਿੱਤੀਆਂ ਹਨ। ਉੱਥੇ ਹੀ ਕਈ ਥਾਵਾਂ ਤੇ ਸੜਕਾਂ ਬੰਦ ਕਰ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਹੋ ਰਹੀ ਹੈ।
ਇਸ ਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਇਹ ਭਾਰਤ ਬੰਦ ਨਹੀਂ ਰਾਜਨੀਤਿਕ ਬੰਦ ਹੈ। ਅਸੀਂ ਕਿਸਾਨਾਂ ਦੀ ਗੱਲ ਕਰ ਰਹੇ ਹਾਂ। ਉਮੀਦ ਹੈ ਜਲਦੀ ਹੀ ਰਸਤਾ ਕੱਢਿਆ ਜਾਵੇਗਾ। ਮੈਂ ਪਹਿਲਾਂ ਕਹਿ ਚੁੱਕਾ ਹਾਂ ਕਿ ਇਸ ਤੇ ਸਿਆਸਤ ਨਹੀਂ ਹੋਣੀ ਚਾਹੀਦੀ।
