ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਜਥੇ ‘ਤੇ ਭਾਰਤ ਸਰਕਾਰ ਨੇ ਲਾਈ ਰੋਕ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾ ਰਹੇ ਜਥੇ ਉੱਤੇ ਰੋਕ ਲਗਾ ਕੇ ਭਾਰਤ ਦੀ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਕਤਲ ਕੀਤਾ ਹੈ।
ਉਹਨਾਂ ਨੇ ਕਿਹਾ ਕਿ ਸਾਰੀ ਤਿਆਰੀ ਹੋ ਜਾਣ ਮਗਰੋਂ ਜਥੇ ’ਤੇ ਰੋਕ ਲਗਾਉਣਾ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੁਆਰਾ ਭੇਜੇ ਗਏ ਪੱਤਰ ਅਨੁਸਾਰ ਪਾਕਿਸਤਾਨ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਦਾ ਮਾਮਲਾ ਹੈ।2020 ਮਾਰਚ ਤੋਂ ਹੀ ਕੋਵਿਡ-19 ਕਾਰਨ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਵੀ ਮੁਅੱਤਲ ਹੈ।

ਬੀਬੀ ਜਗੀਰ ਕੌਰ ਮੁਤਾਬਕ ਸਰਕਾਰ ਦੁਆਰਾ ਦਿੱਤਾ ਤਰਕ ਠੀਕ ਨਹੀਂ ਹੈ ਕਿਉਂਕਿ ਬੀਤੇ ਨਵੰਬਰ ਮਹੀਨੇ ਵਿੱਚ ਵੀ ਸਿੱਖ ਸ਼ਰਧਾਲੂ ਜਥੇ ਦੇ ਰੂਪ ਵਿੱਚ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਕਰ ਕੇ ਆਏ ਹਨ। ਜੇ ਉਸ ਸਮੇਂ ਕਿਸੇ ਪ੍ਰਕਾਰ ਦਾ ਖ਼ਤਰਾ ਨਹੀਂ ਸੀ ਫਿਰ ਹੁਣ ਖ਼ਤਰਾ ਕਿਵੇਂ ਹੋ ਸਕਦਾ ਹੈ? ਉਹਨਾਂ ਕਿਹਾ ਕਿ ਜੇ ਇਹੋ ਜਿਹੀ ਗੱਲ ਸੀ ਤਾਂ ਸਰਕਾਰ ਨੇ ਪ੍ਰਕਿਿਰਆ ਦੇ ਚਲਦਿਆਂ ਸਪੱਸ਼ਟ ਕਿਉਂ ਨਹੀ ਕੀਤਾ।ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਸਾਰੇ ਸ਼ਰਧਾਲੂਆਂ ਦੀ ਜਾਂਚ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਕੀਤੀ ਗਈ ਅਤੇ ਰਿਪੋਰਟ ਤੋਂ ਬਾਅਦ ਹੀ ਪਾਕਿਸਤਾਨ ਦੇ ਦੂਤਘਰ ਦੁਆਰਾ ਵੀਜ਼ੇ ਜਾਰੀ ਕੀਤੇ ਗਏ ਹਨ।
ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਜਦੋਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਵੰਡੇ ਜਾ ਚੁੱਕੇ ਹਨ ਤਾਂ ਇਸ ਸਮੇਂ ਜਥੇ ਉੱਤੇ ਰੋਕ ਲਗਾਉਣੀ ਹੈਰਾਨੀ ਵਾਲੀ ਗੱਲ ਹੈ।ਉਹਨਾਂ ਕਿਹਾ ਕਿ ਅਜਿਹਾ ਕਰਨ ਨਾਲ ਸਾਰੀਆਂ ਸੰਗਤਾਂ ਦੇ ਮਨ ਨੂੰ ਭਾਰੀ ਸੱਟ ਵੱਜੀ ਹੈ।
