ਗੋਲਡੀ ਬਰਾੜ ਨੂੰ ਬਹੁਤ ਜਲਦ ਲਿਆਂਦਾ ਜਾਵੇਗਾ ਪੰਜਾਬ: DGP ਗੌਰਵ ਯਾਦਵ

 ਗੋਲਡੀ ਬਰਾੜ ਨੂੰ ਬਹੁਤ ਜਲਦ ਲਿਆਂਦਾ ਜਾਵੇਗਾ ਪੰਜਾਬ: DGP ਗੌਰਵ ਯਾਦਵ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਏ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੈਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਵੱਲੋਂ ਰਚੀ ਗਈ ਸਾਜ਼ਿਸ਼ ਤਹਿਤ ਪ੍ਰਦੀਪ ਨੂੰ 10 ਨਵੰਬਰ 2022 ਨੂੰ ਕੋਟਕਪੂਰਾ ਵਿੱਚ ਉਸ ਦੀ ਦੁਕਾਨ ਦੇ ਬਾਹਰ 6 ਸ਼ੂਟਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਦੱਸਿਆ ਕਿ ਗ੍ਰਿਫ਼ਤਾਰ ਛੇਵੇਂ ਸ਼ੂਟਰ ਦੀ ਪਛਾਣ ਰਮਜ਼ਾਨ ਖ਼ਾਨ ਉਰਫ਼ ਰਾਜ ਹੁੱਡਾ ਵਜੋਂ ਹੋਈ ਹੈ।

ਇਸ ਟਾਰਗੈੱਟ ਕਿਲਿੰਗ ਦਾ ਮਾਸਟਰਮਾਈਂਡ ਗੋਲਡੀ ਬਰਾੜ ਹੈ, ਜਿਸ ਦਾ ਰੈੱਡ ਕਾਰਨਰ ਨੋਟਿਸ ਜਾਰੀ ਹੋ ਗਿਆ ਹੈ ਤੇ ਉਸ ਨੂੰ ਬਹੁਤ ਜਲਦ ਪੰਜਾਬ ਲਿਆਂਦਾ ਜਾਵੇਗਾ। ਇਸ ਆਪ੍ਰੇਸ਼ਨ ਨੂੰ ਕੇਂਦਰੀ ਏਜੰਸੀਆਂ ਤੇ ਰਾਜਸਥਾਨ ਪੁਲਸ ਟੀਮਾਂ ਦੇ ਤਾਲਮੇਲ ਨਾਲ ਸਫ਼ਲ ਬਣਾਇਆ ਗਿਆ।

ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਨੂੰ ਅਪਰਾਧ, ਨਸ਼ਾ ਅਤੇ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਵੀ ਗੋਲਡੀ ਬਰਾੜ ਹੀ ਦੱਸਿਆ ਜਾ ਰਿਹਾ ਹੈ, ਜਿਸ ਨੇ 29 ਮਈ ਨੂੰ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

Leave a Reply

Your email address will not be published.