ਚੋਣ ਕਮਿਸ਼ਨ ਦਾ ਫ਼ੈਸਲਾ, ਕੋਰੋਨਾ ਦੇ ਨਿਯਮਾਂ ਦੀ ਪਾਲਣਾ ਨਹੀਂ ਹੋਈ ਤਾਂ ਰੈਲੀਆਂ ’ਤੇ ਲੱਗੇਗੀ ਪਾਬੰਦੀ

ਕੋਵਿਡ-19 ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਟਾਰ ਪ੍ਰਚਾਰਕਾਂ ਨੂੰ ਮਾਸਕ ਲਾਏ ਬਿਨਾਂ ਪ੍ਰਚਾਰ ਕਰਨ ਦੇ ਮਾਮਲਿਆਂ ਦੇ ਉੱਠਣ ’ਤੇ ਚਿਤਾਵਨੀ ਦਿੱਤੀ ਹੈ। ਉਹਨਾਂ ਕਿਹਾ ਕਿ ਜੇ ਚੋਣ ਕਮਿਸ਼ਨ ਦੇ ਪਿਛਲੇ ਸਾਲ ਜਾਰੀ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਰੈਲੀਆਂ ’ਤੇ ਪਾਬੰਦੀ ਲਾਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

ਚੋਣ ਕਮਿਸ਼ਨ ਨੇ ਸਭ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਚਿੱਠੀ ਲਿਖ ਕੇ ਕਿਹਾ ਕਿ ਪਿਛਲੇ ਕੁੱਝ ਹਫ਼ਤਿਆਂ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਚੋਣ ਕਮਿਸ਼ਨ ਨੇ ਇਹ ਗੱਲ ਵੀ ਧਿਆਨ ਵਿੱਚ ਲਿਆਂਦੀ ਹੈ ਕਿ ਚੋਣ ਰੈਲੀਆਂ ਵਿੱਚ ਮਾਸਕ ਨਹੀਂ ਪਹਿਨਿਆ ਜਾਂਦਾ।
ਇਸ ਦੇ ਨਾਲ ਹੀ ਸਮਾਜਿਕ ਦੂਰੀ ਦੇ ਹੋਰ ਵੀ ਕਈ ਸਾਵਧਾਨੀਆਂ ਨਹੀਂ ਵਰਤੀਆਂ ਜਾਂਦੀਆਂ। ਚਿੱਠੀ ਵਿਚ ਸਟਾਰ ਪ੍ਰਚਾਰਕਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਜਾਂ ਉਮੀਦਵਾਰਾਂ ਨੂੰ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਨਾ ਕਰਨ ਦੇ ਮਾਮਲਿਆਂ ਵੱਲ ਇਸ਼ਾਰਾ ਕੀਤਾ ਗਿਆ ਹੈ। ਚਿੱਠੀ ਵਿਚ ਕਿਹਾ ਗਿਆ ਹੈ ਕਿ ਸਟੇਜਾਂ ’ਤੇ ਪ੍ਰਚਾਰ ਕਰਦੇ ਸਮੇਂ ਆਗੂਆਂ ਵਲੋਂ ਮਾਸਕ ਪਹਿਨਣਾ ਜ਼ਰੂਰੀ ਹੈ। ਇੰਝ ਨਾ ਕਰ ਕੇ ਆਗੂ ਹੋਰਨਾ ਲੋਕਾਂ ਨੂੰ ਵੀ ਇਨਫੈਕਸ਼ਨ ਦੇ ਗੰਭੀਰ ਖਤਰੇ ਵਿਚ ਪਾ ਰਹੇ ਹਨ।
