ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਚੋਣ ਕਮਿਸ਼ਨ ਨੇ ਅਹਿਮ ਫ਼ੈਸਲਾ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24,689 ਪੋਲਿੰਗ ਸਟੇਸ਼ਨਾਂ ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ।

ਪੰਜਾਬ ਚੋਣ ਕਮਿਸ਼ਨਰ ਡਾ. ਐਸ ਕਰੁਣਾ ਰਾਜੂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਇਸ ਦਾ ਐਲਾਨ ਕੀਤਾ। ਚੋਣ ਕਮਿਸ਼ਨ ਨੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਮੱਦੇਨਜ਼ਰ, ਚੋਣ ਡਿਊਟੀਆਂ ਲਈ ਤਾਇਨਾਤ ਕੀਤੇ ਜਾਣ ਵਾਲੇ ਸਾਰੇ ਸਟਾਫ ਤੇ ਵਲੰਟੀਅਰਾਂ ਨੂੰ ਟੀਕਾਕਰਨ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਹੈ।
ਚੋਣ ਕਮਿਸ਼ਨ ਨੇ ਸਮੂਹ ਡੀਈਓਜ਼ ਨੂੰ ਸਟਾਫ ਵਾਸਤੇ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਾਉਣ ਲਈ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਡੀਈਓਜ਼ ਨੂੰ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਤੇ ਮੌਜੂਦਾ ਵੋਟਾਂ ਕੱਟਣ ਜਾਂ ਤਬਦੀਲ ਕਰਨ ਦੇ ਮਾਮਲਿਆਂ ਨੂੰ ਮੁਕੰਮਲ ਕਰਨ ਲਈ ਵੀ ਕਿਹਾ।
ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਤੇ 1950 ਵੋਟਰ ਹੈਲਪਲਾਈਨ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਟੈਕਸਟ ਮੈਸੇਜ ਭੇਜਣ ਜਾਂ ਮਸ਼ਹੂਰ ਹਸਤੀਆਂ ਜਾਂ ਖਿਡਾਰੀਆਂ ਨੂੰ ਮੁਹਿੰਮ ਵਿੱਚ ਸ਼ਾਮਲ ਕਰਕੇ ਸਵੀਪ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।
