ਚੰਡੀਗੜ੍ਹ ’ਤੇ ਆਪਣੇ ਹੱਕ ਲਈ ਪੰਜਾਬ ਕਰੇਗਾ ਜ਼ੋਰਦਾਰ ਸੰਘਰਸ਼: ਸੀਐਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਰੂਲਜ਼ ਸਬੰਧੀ ਟਵੀਟ ਕੀਤਾ ਹੈ। ਉਹਨਾਂ ਕਿਹਾ ਕਿ, ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਰਾਜਾਂ ਅਤੇ ਸੇਵਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੜਾਅਵਾਰ ਥੋਪ ਰਹੀ ਹੈ। ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸਿਧਾਂਤ ਅਤੇ ਭਾਵਨਾ ਦੇ ਵਿਰੁੱਧ ਹੈ। ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ।

ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਚੰਡੀਗੜ੍ਹ ਪਹੁੰਚੇ ਸਨ। ਇੱਥੇ ਉਹਨਾਂ ਨੇ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਹੁਣ ਕੇਂਦਰੀ ਸੇਵਾਵਾਂ ਨਿਯਮ ਲਾਗੂ ਹੋਣਗੇ। ਇਸ ਸਬੰਧੀ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਜਾਵੇਗਾ। ਦੱਸ ਦਈਏ ਕਿ ਹੁਣ ਤੱਕ ਚੰਡੀਗੜ੍ਹ ਵਿੱਚ ਪੰਜਾਬ ਦੇ ਸਰਵਿਸ ਨਿਯਮ ਚਲਦੇ ਸਨ, ਪਰ ਕੇਂਦਰੀ ਗ੍ਰਹਿ ਮੰਤਰੀ ਨੇ ਇਹਨਾਂ ਨੂੰ ਕੇਂਦਰ ਨਾਲ ਜੋੜ ਦਿੱਤਾ ਹੈ।
ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਪੁਲੀਸ ਵਿਭਾਗ ਵਿੱਚ ਸ਼ਾਮਲ ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਨੂੰ ਸਮਰਪਿਤ ਕੀਤਾ ਗਿਆ। ਉਹਨਾਂ ਕਿਹਾ ਕਿ, ਇਹ ਵਾਹਨ ਚੰਡੀਗੜ੍ਹ ਪੁਲਿਸ ਨੂੰ ਪੈਟਰੋਲਿੰਗ ਅਤੇ ਜਨਤਾ ਦੀ ਸੁਰੱਖਿਆ ਵਿੱਚ ਵਧੇਰੇ ਮਦਦ ਕਰਨਗੇ।
ਗ੍ਰਹਿ ਮੰਤਰੀ ਨੇ ਕਿਹਾ ਕਿ, ਮੋਦੀ ਜੀ ਦੀ ਅਗਵਾਈ ਵਿੱਚ ਅਸੀਂ ਪੁਲਿਸ ਬਲਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ। ਇਸੇ ਲੜੀ ਤਹਿਤ ਅੱਜ ਚੰਡੀਗੜ੍ਹ ਪੁਲੀਸ ਨੇ ਜਵਾਨਾਂ ਨੂੰ ਨਿਯੁਕਤੀ ਪੱਤਰਾਂ ਦੇ ਨਾਲ-ਨਾਲ ਰਿਹਾਇਸ਼ਾਂ ਦੀਆਂ ਚਾਬੀਆਂ ਅਤੇ ਡਿਊਟੀ ਦੌਰਾਨ ਅਚਾਨਕ ਮੌਤ ਹੋਣ ਦੀ ਸੂਰਤ ਵਿੱਚ ਪੁਲੀਸ ਮੁਲਾਜ਼ਮਾਂ ਦੇ ਵਾਰਸਾਂ ਨੂੰ ਚੈੱਕ ਸੌਂਪੇ।
