ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੋਂ ਕੀਤੀ ਕੋਰੀ ਨਾਂਹ

ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਹੋ ਚੁੱਕੀ ਹੈ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਹਾਰਡਵੇਅਰ ਸਟੋਰਾਂ ਨੂੰ ਖੁੱਲ੍ਹੇ ਰਹਿਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ ਇਹ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਠੇਕਿਆਂ, ਕਰਿਆਨੇ ਦੀਆਂ ਦੁਕਾਨਾਂ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਨੂੰ ਬੰਦ ਦੌਰਾਨ ਹਫ਼ਤੇ ਦੇ ਦਿਨਾਂ ਵਿੱਚ ਖੋਲ੍ਹੇ ਜਾਣ ਦੀ ਇਜਾਜ਼ਤ ਦੇਣ ਤੋਂ ਇਕ ਦਿਨ ਬਾਅਦ ਆਇਆ ਹੈ।

ਦਸ ਦਈਏ ਕਿ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਵੀ ਜ਼ਰੂਰੀ ਵਸਤਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਉੱਥੇ ਹੀ ਯੂਟੀ ਦੇ ਸਲਾਹਕਾਰ ਮਨੋਜ ਪਰੀਦਾ ਨੇ ਬੁੱਧਵਾਰ ਨੂੰ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਮੁਤਾਬਕ ਹਸਪਤਾਲ ਦੇ ਬਿਸਤਰੇ ਦੀ ਉਪਲੱਬਧਤਾ ਬਾਰੇ ਡਾਟਾ ਰੋਜ਼ਾਨ ਚੰਡੀਗੜ੍ਹ ਪ੍ਰਸ਼ਾਸਨ ਦੀ ਵੈਬਸਾਈਟ ਤੇ ਅਪਲੋਡ ਕੀਤਾ ਜਾਵੇਗਾ। ਇਸ ਦੇ ਲਈ ਇਕ ਵਿਸ਼ੇਸ਼ ਆਕਸੀਜਨ ਹੈਲਪਲਾਈਨ ਵੀ ਸਥਾਪਤ ਕੀਤੀ ਗਈ ਹੈ।
ਧਿਆਨ ਦੇਣ ਯੋਗ ਗੱਲ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ 5 ਮਈ ਨੂੰ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਤੱਕ ਲਾਕਡਾਊਨ ਲਾਗੂ ਕਰ ਦਿੱਤਾ ਹੈ। ਸਰਕਾਰੀ ਦਫ਼ਤਰਾਂ ਵਿੱਚ 50 ਫ਼ੀ ਸਦੀ ਸਮਰੱਥਾ ਤੇ ਕੰਮ ਕਰਨਾ ਲਾਜ਼ਮੀ ਹੈ ਜਦਕਿ ਨਿੱਜੀ ਦਫ਼ਤਰਾਂ ਨੂੰ ਇਸ ਸਮੇਂ ਦੌਰਾਨ ਰਿਮੋਟ ਕੰਮ ਕਰਨਾ ਲਾਜ਼ਮੀ ਬਣਾਉਣਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਕੱਪੜਾ, ਮਨਿਆਰੀ, ਹੌਜਰੀ, ਫੁਟਵੀਅਰ ਸਮੇਤ ਰੋਜ਼ਾਨਾ ਘਰੇਲੂ ਸਮਾਨ ਵਾਲੀਆਂ ਦੁਕਾਨਾਂ ਲਾਕਡਾਊਨ ਵਿੱਚ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਬੁੱਧਵਾਰ ਤੋਂ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਗਏ ਹਨ।
