ਚੰਡੀਗੜ੍ਹ ਸਮੇਤ ਪੰਜਾਬ ਦੀਆਂ ਅਦਾਲਤਾਂ ਦੀ ਸੁਰੱਖਿਆ ਕੀਤੀ ਗਈ ਸਖ਼ਤ

ਜਿੱਥੇ 26 ਜਨਵਰੀ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਪੰਜਾਬ ‘ਚ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਹੁਣ ਚੰਡੀਗੜ੍ਹ ਅਤੇ ਪੰਜਾਬ ਦੀਆਂ ਅਦਾਲਤਾਂ ‘ਤੇ ਅੱਤਵਾਦੀ ਹਮਲਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ‘ਚ ਬੰਬ ਦੀ ਸੂਚਨਾ ਮਗਰੋਂ ਇਕ ਸ਼ੱਕੀ ਬੈਗ ਬਰਾਮਦ ਕੀਤਾ ਗਿਆ ਹੈ ਅਤੇ ਇਕ ਚਿੱਠੀ ਵੀ ਸਾਹਮਣੇ ਆਈ ਹੈ।
ਇਸ ਚਿੱਠੀ ‘ਚ ਚੰਡੀਗੜ੍ਹ ਸਮੇਤ ਪੰਚਕੂਲਾ ਦੀ ਅਦਾਲਤ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਮਗਰੋਂ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਪੰਜਾਬ ਦੀਆਂ ਅਦਾਲਤਾਂ ‘ਤੇ ਵੀ ਅੱਤਵਾਦੀ ਹਮਲੇ ਦਾ ਖ਼ਤਰਾ ਮੰਡਰਾ ਰਿਹਾ ਹੈ। 26 ਜਨਵਰੀ ਦੇ ਚੱਲਦਿਆਂ ਪਹਿਲਾਂ ਹੀ ਪੂਰੇ ਸੂਬੇ ਵਿੱਚ ਸੁਰੱਖਿਆ ਨੂੰ ਸਖ਼ਤ ਕੀਤਾ ਗਿਆ ਹੈ। ਹੁਣ ਚੰਡੀਗੜ੍ਹ ਦੀ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ।