ਜਨਮੇਜਾ ਸੇਖੋਂ ਨੂੰ ਵਿਜੀਲੈਂਸ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਭੇਜਿਆ ਸੰਮਨ

ਵਿਜੀਲੈਂਸ ਨੇ ਸਿੰਚਾਈ ਘੁਟਾਲੇ ਦੇ ਮਾਮਲੇ ‘ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ 30 ਦਸੰਬਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਦੱਸ ਦਈਏ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਦੌਰਾਨ ਹੋਏ ਕਥਿਤ ਸਿੰਚਾਈ ਘੁਟਾਲੇ ‘ਚ ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਅਤੇ ਤਿੰਨ ਸੇਵਾ ਮੁਕਤ ਆਈਏਐੱਸ ਅਫਸਰਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਸੀ।
ਯਾਦ ਰਹੇ ਕਿ ਵਿਜੀਲੈਂਸ ਬਿਊਰੋ ਮੁੱਖ ਮੰਤਰੀ ਦਫ਼ਤਰ ਨੂੰ ਲਗਾਤਾਰ ਪੱਤਰ ਲਿਖ ਕੇ ਅਫਸਰਾਂ ਅਤੇ ਰਾਜਸੀ ਆਗੂਆਂ ਖ਼ਿਲਾਫ਼ ਜਾਂਚ ਕਰਨ ਦੀ ਮਨਜ਼ੂਰੀ ਮੰਗ ਰਿਹਾ ਸੀ। ਪਿਛਲੇ ਹਫ਼ਤੇ ਹੀ ਮੁੱਖ ਮੰਤਰੀ ਦਫ਼ਤਰ ਨੇ ਫਾਈਲ ਕਲੀਅਰ ਕਰ ਦਿੱਤੀ ਸੀ।
ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਕਾਹਨ ਸਿੰਘ ਪੰਨੂੰ ਨੂੰ ਵੀ ਇਸ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ। ਲੰਬੇ ਸਮੇਂ ਤੱਕ ਇਹ ਮਾਮਲੇ ਠੰਢੇ ਬਸਤੇ ‘ਚ ਰਿਹਾ ਸੀ, ਹਾਲਾਂਕਿ ਕਥਿਤ ਘਪਲੇ ਦੇ ਮਾਮਲੇ ‘ਚ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਕੀਤੀ ਗਈ ਸੀ, ਪਰ ਤਤਕਾਲੀ ਸਰਕਾਰਾਂ ਵੱਲੋਂ ਸਾਬਕਾ ਸੀਨੀਅਰ ਆਈਏਐੱਸ ਅਧਿਕਾਰੀ ਤੋਂ ਪੁੱਛਗਿੱਛ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਸੀ।
ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਕੇ. ਬੀ. ਐੱਸ. ਸਿੱਧੂ ਤੇ ਸਾਬਕਾ ਪ੍ਰਮੁੱਖ ਸਕੱਤਰ ਕਾਹਨ ਸਿੰਘ ਪੰਨੂ ਸਮੇਤ ਦੋ ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਦੀਆਂ ਭੂਮਿਕਾਵਾਂ ਦੀ ਜਾਂਚ ਕਰਨ ਦੀ ਮਨਜ਼ੂਰੀ ਮਿਲੀ ਹੈ। ਦਰਅਸਲ ਸਾਲ 2017 ‘ਚ ਪੰਜਾਬ ‘ਚ ਕਰੋੜਾਂ ਰੁਪਏ ਦਾ ਸਿੰਚਾਈ ਘਪਲਾ ਹੋਇਆ ਸੀ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਮੁੜ ਜਾਂਚ ਕੀਤੀ ਗਈ ਹੈ।