ਜੇ ਪੱਛਮੀ ਬੰਗਾਲ ’ਚ ਭਾਜਪਾ ਹਾਰੇਗੀ ਤਾਂ ਭਾਜਪਾ ਦਾ ਹੰਕਾਰ ਟੁੱਟੇਗਾ: ਕਿਸਾਨ ਮੋਰਚਾ

ਖੇਤੀ ਕਾਨੂੰਨਾਂ ਦੇ ਵਿਰੋਧ ਦੀ ਆੜ ਵਿੱਚ ਕਿਸਾਨ ਪੱਛਮੀ ਬੰਗਾਲ ਵਿੱਚ ਪਹੁੰਚ ਗਏ ਹਨ। ਉੱਥੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਵਾਲੇ ਪੰਜ ਸੂਬਿਆਂ ਵਿੱਚ ਜਾ ਕੇ ਭਾਜਪਾ ਖ਼ਿਲਾਫ਼ ਪ੍ਰਚਾਰ ਕਰਨਗੇ। ਭਾਜਪਾ ਸਰਕਾਰ ਕਿਸਾਨਾਂ ਦੀ ਮੰਗ ਸੁਣਨ ਲਈ ਤਿਆਰ ਨਹੀਂ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਹਾਰਦੀ ਹੈ ਤਾਂ ਉਸ ਦਾ ਹੰਕਾਰ ਵੀ ਟੁੱਟ ਜਾਵੇਗਾ ਅਤੇ ਫਿਰ ਕਿਸਾਨਾਂ ਦੀ ਸੁਣਵਾਈ ਹੋ ਜਾਵੇਗੀ ਤੇ ਸਰਕਾਰ ਉਹਨਾਂ ਦੀ ਗੱਲ ਵੀ ਮੰਨੇਗੀ। ਕਿਸਾਨ ਏਕਤਾ ਮੋਰਚਾ ਵੱਲੋਂ ਟਵੀਟ ਕੀਤਾ ਗਿਆ ਹੈ ਕਿ, ‘ਉਹਨਾਂ ਵੱਲੋਂ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੋ ਵੋਟ ਟੂ ਬੀਜੇਪੀ’ ਅਭਿਆਨ ਸ਼ੁਰੂ ਕਰ ਦਿੱਤਾ ਹੈ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਖਿਲਾਫ਼ ਖੜ੍ਹੇ ਹੋਣ ਜਿਹੜੀ ਕਿ ਕਿਸਾਨ ਵਿਰੋਧੀ ਕਾਨੂੰਨ ਲਿਆਉਂਦੀ ਹੈ। ਉੱਥੇ ਹੀ ਕਿਸਾਨ ਆਗੂਆਂ ਵੱਲੋਂ 26 ਮਾਰਚ ਨੂੰ ਅੰਦੋਲਨ ਦੇ ਚਾਰ ਮਹੀਨੇ ਪੂਰੇ ਹੋਣ ਦੇ ਮੌਕੇ ‘ਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 28 ਮਾਰਚ ਨੂੰ ਹੋਲਿਕਾ ਦਹਿਨ ਦੌਰਾਨ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।
ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅਤੇ ਘੱਟ ਤੋਂ ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਵਿੱਚ ਸਭ ਤੋਂ ਜ਼ਿਆਦਾ ਕਿਸਾਨ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਸ਼ਾਮਲ ਹਨ।
