ਝੋਨੇ ਦੀ ਆਮਦ ਵਿੱਚ ਸੰਗਰੂਰ ਜ਼ਿਲ੍ਹਾ ਪਹਿਲੇ ਅਤੇ ਲੁਧਿਆਣਾ ਦੂਜੇ ਨੰਬਰ ’ਤੇ

ਪੰਜਾਬ ਵਿੱਚ ਝੋਨੇ ਦੀ ਖਰੀਦ ਲਗਭਗ ਮੁਕੰਮਲ ਹੋ ਚੁੱਕੀ ਹੈ। ਪੰਜਾਬ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਆਮਦ ਦੇ ਮਾਮਲੇ ਵਿੱਚ ਸਫ਼ਲਤਾਪੂਰਵਕ 185 ਲੱਖ ਮੀਟਰਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 185.66 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 181.09 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਇਸ ਦੇ ਮੁਕਾਬਲੇ ਪਿਛਲੇ ਸਾਲ ਇਸ ਮਿਆਦ ਦੌਰਾਨ 186.16 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ। ਚੇਅਰਮੈਨ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ 1873 ਨੋਟੀਫਾਈਡ ਮੰਡੀਆਂ ਸਮੇਤ 2722 ਖਰੀਦ ਕੇਂਦਰ ਅਤੇ 849 ਆਰਜ਼ੀ ਯਾਰਡ ਸਥਾਪਤ ਕੀਤੇ ਗਏ ਹਨ।
ਚੇਅਰਮੈਨ ਨੇ ਦੱਸਿਆ ਕਿ ਝੋਨੇ ਦੀ ਆਮਦ ਵਿੱਚ ਸੰਗਰੂਰ ਜ਼ਿਲ੍ਹਾ 19.41 ਲੱਖ ਮੀਟਰਕ ਟਨ ਝੋਨੇ ਦੀ ਆਮਦ ਨਾਲ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਲੁਧਿਆਣਾ ਅਤੇ ਪਟਿਆਲਾ ਹਨ ਜਿੱਥੇ ਕਰਮਵਾਰ 16.25 ਲੱਖ ਮੀਟਰਕ ਟਨ ਅਤੇ 14.27 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ।
