ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀ ਵਧੀ ਚਿੰਤਾ, ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ

ਇੱਕ ਪਾਸੇ ਕੇਂਦਰ ਸਰਕਾਰ ਨੇ ਸ਼ਰਤਾਂ ਸਖ਼ਤ ਕਰ ਦਿੱਤੀਆਂ ਹਨ ਤੇ ਦੂਜੇ ਪਾਸੇ ਇਸ ਮਹੀਨੇ ਮੀਂਹ ਤੇ ਹਨ੍ਹੇਰੀ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਝੋਨੇ ਦੇ ਦਾਣੇ ਕਾਲੇ ਪੈ ਗਏ ਹਨ। ਕਿਸਾਨਾਂ ਨੂੰ ਫਿਕਰ ਹੈ ਕਿ ਉਹਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਸਕਦਾ ਹੈ। ਪੰਜਾਬ ਵਿੱਚ ਫ਼ਸਲਾਂ ਪੱਕਣੀਆਂ ਸ਼ੁਰੂ ਹੋ ਗਈਆਂ ਹਨ ਪਰ ਮੌਸਮ ਅਜੇ ਵੀ ਖਰਾਬ ਹੀ ਚੱਲ ਰਿਹਾ ਹੈ। ਪੰਜਾਬ ਸਰਕਾਰ ਨੇ 1 ਅਕਤੂਬਰ ਤੋਂ ਝੋਨੇ ਦਾ ਖਰੀਦ ਅਮਲ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖਰੀਦ ਲਈ ਵਚਨਬੱਧ ਹੈ। ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੂਬੇ ਨੂੰ ਸੀਸੀਐਲ ਮਿਲ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਭੀੜ-ਭੜੱਕੇ ਨੂੰ ਰੋਕਣ ਲਈ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾਂ, ਆੜਤੀਆਂ, ਢੋਆ-ਢੁਆਈ ਵਿੱਚ ਸ਼ਾਮਲ ਲੋਕਾਂ ਤੇ ਖਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਕੋਵਿਡ-19 ਤੋਂ ਬਚਾਅ ਲਈ ਸੂਬੇ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੇ 1806 ਖਰੀਦ ਕੇਂਦਰਾਂ ਤੋਂ ਇਲਾਵਾ ਤਕਰੀਬਨ 800 ਹੋਰ ਯੋਗ ਰਾਈਸ ਮਿੱਲਾਂ ਤੇ ਜਨਤਕ ਥਾਵਾਂ ਨੂੰ ਆਰਜ਼ੀ ਖਰੀਦ ਕੇਂਦਰ ਬਣਾਇਆ ਜਾ ਰਿਹਾ ਹੈ।
ਕੇਂਦਰ ਸਰਕਾਰ ਨੇ ਏ ਗ੍ਰੇਡ ਝੋਨੇ ਦੀ ਐਮਐਸਪੀ 1906 ਰੁਪਏ ਪ੍ਰਤੀ ਕੁਇੰਟਲ ਐਲਾਨੀ ਹੈ। ਆਰਬੀਆਈ ਵੱਲੋਂ 35,712.73 ਕਰੋੜ ਰੁਪਏ ਦੀ ਸੀਸੀਐਲ ਲਿਮਟ ਜਾਰੀ ਕੀਤੀ ਗਈ ਹੈ ਤੇ ਲੋੜੀਂਦੀਆਂ ਗੱਠਾਂ ਦੇ ਪ੍ਰਬੰਧ ਕਰ ਲਏ ਗਏ ਹਨ। ਖਰੀਦ ਅਮਲ 30 ਨਵੰਬਰ ਤੱਕ ਜਾਰੀ ਰਹੇਗੀ ਤੇ ਖਰੀਦ ਤੋਂ 48 ਘੰਟਿਆਂ ਵਿੱਚ ਜਿਣਸ ਦੀ ਅਦਾਇਗੀ ਤੇ 72 ਘੰਟਿਆ ਵਿੱਚ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ।
