ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

 ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪ੍ਰਿੰਟ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ।

ਉਹਨਾਂ ਕਿਹਾ ਕਿ ਪਰਾਲੀ ਸਾੜਨ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਮੁੱਖ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ਦੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ, ਜਿਵੇਂ ਡੀਕੰਪੋਜ਼ਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ।

Image

ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ਼ ਕਾਗਜ਼ੀ ਖ਼ਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਤੇ ਅਮਲੀ ਤੌਰ ਤੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।

Image

ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ਵਿੱਚ ਹੋਣ ਵਾਲੀਆਂ ਸਾਰੀਆਂ ਸਰਗਰਮੀਆਂ ਤੇ ਨਜ਼ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ ਹਨ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲ੍ਹਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ’ਚ ਰਹਿਣ ਲਈ ਕਿਹਾ।

ਕੁਲਦੀਪ ਧਾਲੀਵਾਲ ਨੇ ਅੱਗੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐੱਨ. ਐੱਸ. ਐੱਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਹਨਾਂ ਦੀ ਵਰਤੋਂ ਨਿੱਕੇ ਕਿਸਾਨ ਮੁਫ਼ਤ ਵਿੱਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਪਹਿਲਾਂ ਹੀ ਤਕਰੀਬਨ 2-5 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਲਗਭਗ 10 ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।

Leave a Reply

Your email address will not be published.