ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ, 21 ਫਰਵਰੀ ਤੋਂ ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 21 ਫਰਵਰੀ ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਂਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ’ਚ ਲਿਖੇ ਜਾਣ ਦੀ ਹਦਾਇਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੇ ਕਿਸੇ ਹੋਰ ਭਾਸ਼ਾ ’ਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਲਿਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਅਤੇ ਇਸ ’ਚ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਇਨ੍ਹਾਂ ਪੰਜਾਬੀ ਪ੍ਰਚਾਲਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੰਜਾਬ ਰਾਜ ਭਾਸ਼ਾ ਐਕਟ-2021 ਤਹਿਤ ਜ਼ੁਰਮਾਨਾ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਤੇ ਕਾਨੂੰਨੀ ਤੌਰ ’ਤੇ ਫ਼ਰਜ਼ ਬਣਦਾ ਹੈ ਕਿ ਅਸੀ ਮਾਤ ਭਾਸ਼ਾ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਈਏ। ਉਨ੍ਹਾਂ ਸਮੂਹ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖ਼ੇਤਰ ’ਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਠੀਕ ਹੋਣ ਇਸ ਉੱਪਰ ਵੀ ਧਿਆਨ ਦਿੱਤਾ ਜਾਵੇ। ਜੇਕਰ ਇਸ ਤਰ੍ਹਾਂ ਦੀ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਵੱਲੋਂ ਉਸਨੂੰ ਤੁਰੰਤ ਠੀਕ ਕੀਤਾ ਜਾਵੇ।