ਦਿੱਲੀ ਬਾਰਡਰ ਤੋਂ ਕਿਸਾਨਾਂ ਦੇ ਧਰਨੇ ਚੁਕਾਉਣ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ 16 ਦਸੰਬਰ ਨੂੰ ਕਰੇਗਾ ਸੁਣਵਾਈ

ਕਿਸਾਨਾਂ ਦੇ ਸੰਘਰਸ਼ ਨੂੰ ਅੱਜ 19ਵਾਂ ਦਿਨ ਹੈ। ਕਿਸਾਨ ਅਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਕਿਸਾਨਾਂ ਦੇ ਧਰਨੇ ਨੂੰ ਚੁਕਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਸ ਪਟੀਸ਼ਨ ਦੀ 16 ਦਸੰਬਰ ਨੂੰ ਸੁਣਵਾਈ ਹੋਵੇਗੀ ਜਿਸ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਅਧਿਕਾਰੀਆਂ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਦਿੱਲੀ ਦੀਆਂ ਵੱਖ-ਵੱਖ ਸੀਮਾਵਾਂ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਫੌਰਨ ਹਟਾਉਣ ਦੇ ਹੁਕਮ ਦਿੱਤੇ ਜਾਣ।
ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਹ ਬੰਦ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਸ ਨਾਲ ਕੋਰੋਨਾ ਦੇ ਕੇਸਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਸੁਪਰੀਮ ਕੋਰਟ ਦੀ ਵੈਬਸਾਈਟ ਮੁਤਾਬਕ ਚੀਫ਼ ਜਸਟਿਸ ਐਸਏ ਬੋਬੜੇ ਅਤੇ ਜਸਟਿਸ ਏਐਸ ਬੋਪੰਨਾ ਅਤੇ ਵੀ ਰਾਮਾਸੂਬ੍ਰਾਮਣਿਅਮ ਦੀ ਬੈਂਚ ਕਾਨੂੰਨ ਦੇ ਵਿਦਿਆਰਥੀ ਰਿਸ਼ਭ ਸ਼ਰਮਾ ਵੱਲੋਂ ਦਾਇਰ ਪਟੀਸ਼ਨ ਤੇ ਸੁਣਵਾਈ ਕਰੇਗਾ।
ਪਟੀਸ਼ਨਕਰਤਾ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਦਿੱਲੀ ਦੀਆਂ ਸਰਹੱਦਾਂ ਨਾਲ ਲੱਗੀਆਂ ਸੜਕਾਂ ਖੋਲ੍ਹਣ, ਵਿਰੋਧੀਆਂ ਨੂੰ ਨਿਰਧਾਰਤ ਸਥਾਨਾਂ ਤੇ ਸ਼ਿਫਟ ਕਰਨ ਅਤੇ ਕੋਵਿਡ-19 ਨੂੰ ਰੋਕਣ ਲਈ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਤੇ ਪ੍ਰਦਰਸ਼ਨ ਵਾਲੀਆਂ ਥਾਵਾਂ ਤੇ ਮਾਸਕ ਲਗਾਉਣ ਵਰਗੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ 27 ਨਵੰਬਰ ਨੂੰ ਦਿੱਲੀ ਪੁਲਿਸ ਨੇ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ਬੰਦ ਕਰ ਦਿੱਤੀਆਂ।
ਵਕੀਲ ਓਮ ਪ੍ਰਕਾਸ਼ ਪਰਿਹਾਰ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ, “ਦਿੱਲੀ ਦੀਆਂ ਸਰਹੱਦਾਂ ’ਤੇ ਹੋਏ ਵਿਰੋਧ ਪ੍ਰਦਰਸ਼ਨ ਕਾਰਨ ਰਾਹ ਜਾਮ ਕਰ ਦਿੱਤਾ ਅਤੇ ਸਰਹੱਦੀ ਥਾਂਵਾਂ ਬੰਦ ਹੋਈਆਂ ਜਿਸ ਕਰਕੇ ਆਵਾਜਾਈ ਠੱਪ ਹੋ ਗਈ ਹੈ, ਜਿਸ ਕਾਰਨ ਇੱਥੋਂ ਦੇ ਨਾਮਵਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ਼ ਲਈ ਆਉਣ ਵਾਲਿਆਂ ਨੂੰ ਵੀ ਮੁਸ਼ਕਲਾਂ ਆ ਰਹੀਆਂ ਹਨ।”
