ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ ’ਚੋਂ ਕੀਤਾ ਬਾਹਰ: ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਤੇ ਵੱਡੇ ਇਲਜ਼ਮ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਗਿਣਮਿੱਥ ਕੇ ਦਿੱਲੀ ਸਿੱਖਿਆ ਬੋਰਡ ਦੇ ਪਾਠਕ੍ਰਮ ਚੋਂ ਬਾਹਰ ਕੱਢਿਆ ਹੈ। ਅਕਾਲੀ ਦਲ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਜਾਣਬੁੱਝ ਕੇ ਪੰਥਕ ਸਭਿਆਚਾਰ ਤੇ ਕਦਰਾਂ ਕੀਮਤਾਂ ਤੇ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਚਰਨ ਬੈਂਸ ਨੇ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ ਦੀ ਵਿਸ਼ਾ ਸੂਚੀ ਵਿੱਚੋਂ ਬਾਹਰ ਕੀਤਾ ਹੈ। ਕੇਜਰੀਵਾਲ ਨੇ ਜਾਣਬੁੱਝ ਕੇ ਗਤਕਾ ਮਾਰਸ਼ਲ ਆਰਟ ਨੂੰ ਪ੍ਰੋਫੈਸ਼ਨਲ ਮੈਡੀਕਲ, ਇੰਜੀਨੀਅਰਿੰਗ, ਆਈਟੀ ਤੇ ਹੋਰ ਕੋਰਸਾਂ ਦੇ ਨਾਲ ਦਿੱਲੀ ਵਿੱਚ ਸਰਕਾਰੀ ਨੌਕਰੀਆਂ ਵਾਸਤੇ ਸਪੋਰਟਸ ਕੋਟੇ ਵਿੱਚ ਦਾਖਲੇ ਲਈ ਇੱਕ ਖੇਡ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਹੋਰ ਤੇ ਹੋਰ ਉਹਨਾਂ ਕਿਹਾ ਕਿ ਕੇਜਰੀਵਾਲ ਨੇ ਇੱਕ ਗੈਰ-ਸਾਹਿਤਕ ਜੂਨੀਅਰ ਸਰਕਾਰੀ ਅਫ਼ਸਰ ਨੂੰ ਦਿੱਲੀ ਵਿੱਚ ਪੰਜਾਬੀ ਅਕੈਡਮੀ ਦਾ ਚੇਅਰਮੈਨ ਨਿਯੁਕਤ ਕਰਕੇ ਜ਼ਖ਼ਮਾਂ ਤੇ ਲੂਣ ਛਿੜਕਿਆ ਹੈ।
